
ਚੰਡੀਗੜ੍ਹ, 23 ਮਾਰਚ (ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਇਮਾਨਦਾਰੀ ਦਾ ਨਕਾਬ ਹੁਣ ਉਤਰ ਚੁੱਕਾ ਹੈ ਅਤੇ ਉੱਥੋਂ ਦੀ ਜਨਤਾ ਉਨ੍ਹਾਂ ਦੀ ਵਾਅਦਾ ਖਿਲਾਫ਼ੀ ਅਤੇ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੀ ਹੈ। ਮੁੱਖ ਮੰਤਰੀ ਸੋਮਵਾਰ ਨੂੰ ਹਿਸਾਰ ਵਿੱਚ ਆਯੋਜਿਤ ਖੇਤੀਬਾੜੀ ਮੇਲੇ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਹਰਿਆਣਾ ਵਿੱਚ ਵਿਕਾਸ ਦੇ ਮਾਹੌਲ ਅਤੇ ਭਲਾੲਕਾਰੀ ਸਕੀਮਾਂ ਦੀ ਮਿਸਾਲ ਦੇ ਰਹੀ ਹੈ, ਕਿਉਂਕਿ ਰਾਜ ਸਰਕਾਰ ਨੇ ਕਿਸਾਨਾਂ, ਵਪਾਰੀਆਂ, ਮਹਿਲਾਵਾਂ ਅਤੇ ਨੌਜਵਾਨਾਂ ਦੇ ਹਿੱਤ ਵਿੱਚ ਕਈ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀਆਂ ਨੀਤੀਆਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਸੂਬਾ ਲਗਾਤਾਰ ਵਿਕਾਸ ਦੇ ਰਾਹ 'ਤੇ ਅੱਗੇ ਵਧ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹਰਿਆਣਾ ਸਰਕਾਰ ਨੇ ਵਪਾਰੀਆਂ ਨੂੰ ਰਾਹਤ ਦੇਣ ਲਈ ਅਹਿਮ ਨੀਤੀ ਲਾਗੂ ਕੀਤੀ ਹੈ, ਜਿਸ ਨਾਲ ਬੇਲੋੜੀ ਮੁਕੱਦਮੇਬਾਜ਼ੀ ਵਿੱਚ ਕਮੀ ਆਈ ਹੈ ਅਤੇ ਵਪਾਰਕ ਮਾਹੌਲ ਬਿਹਤਰ ਹੋਇਆ ਹੈ।
ਸੈਣੀ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਵਿੱਚ ਡਬਲ ਇੰਜਣ ਦੀ ਸਰਕਾਰ ਜਨਤਾ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਹਰਿਆਣਾ ਅੱਜ ਤੇਜ਼ ਗਤੀ ਨਾਲ ਤਰੱਕੀ ਕਰ ਰਿਹਾ ਹੈ। ਫਸਲ ਦੀ ਖਰੀਦ ਪ੍ਰਕਿਰਿਆ ਦੌਰਾਨ ਰਜਿਸਟ੍ਰੇਸ਼ਨ ਦੇ ਨਵੇਂ ਨਿਯਮਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਅਧਿਕਾਰੀਆਂ ਨੂੰ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਨਿਰਦੇਸ਼ ਦੇ ਦਿੱਤੇ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ