
ਖਡੂਰ ਸਾਹਿਬ, 24 ਮਾਰਚ (ਹਿੰ.ਸ.)। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮ ਅਨੁਸਾਰ ਹਵਾ ਗੁਣਵੱਤਾ ਇੰਡੈਕਸ ਨੂੰ ਸੁਧਾਰਨ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਵਾਸਤੇ ਉਪਰਾਲੇ ਕਰਨ ਲਈ ਕਿਹਾ ਗਿਆ ਹੈ। ਇਸੇ ਲੜੀ ਤਹਿਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਉਪਰਾਲਿਆਂ ਸਦਕਾ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿਚ ਆਈ.ਈ.ਸੀ ਗਤੀਵਿਧੀਆਂ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਇਸੇ ਲੜੀ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਵੱਲੋਂ ਪਿੰਡ ਘੱਗੇ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਫਸਰ, ਪੰਚਾਇਤ ਮੈਂਬਰ, ਸਰਕਾਰੀ ਨੁਮਾਇੰਦੇ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰ ਰੋਜ਼ਾਨਾ ਕਿਸਾਨਾਂ ਨੂੰ ਮਿਲ ਰਹੇ ਹਨ। ਮਕਸਦ ਇਕੋ-ਇਕ ਹੈ ਕਿ ਕਣਕ ਦੀ ਫ਼ਸਲ ਕੱਟਣ ਤੋਂ ਬਾਅਦ ਖੇਤ ਵਿਚ ਰਹਿ ਜਾਣ ਵਾਲੇ ਨਾੜ ਨੂੰ ਅੱਗ ਨਾ ਲਾਉਣਾ।
ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਨੇ ਦੱਸਿਆ ਕਿ ਪਿਛਲੇ ਕੁਝ ਸਾਲਾਂ ਵਿਚ ਪੰਜਾਬ ਵਿਚ ਪਰਾਲੀ ਸਾੜਨ ਵਾਲੀਆਂ ਘਟਨਾਵਾਂ ਵਿਚ ਕਾਫੀ ਕਮੀ ਆਈ ਹੈ। ਪਰ ਅਜੇ ਵੀ ਕੁਝ ਥਾਵਾਂ 'ਤੇ ਇਹ ਸਮੱਸਿਆ ਜਾਰੀ ਹੈ। ਇਸ ਲਈ ਸਰਕਾਰ ਅਤੇ ਵੱਖ-ਵੱਖ ਸੰਸਥਾਵਾਂ ਨੇ ਇਸ ਸਾਲ ਵੀ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਹੋਈ ਹੈ। ਕਿਸਾਨ ਸਿਖਲਾਈ ਕੈਂਪਾਂ ਵਿੱਚ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਸਮਝਾਇਆ ਜਾ ਰਿਹਾ ਹੈ ਕਿ ਪਰਾਲੀ ਸਾੜਨ ਨਾਲ ਕੀ-ਕੀ ਨੁਕਸਾਨ ਹੁੰਦਾ ਹੈ।
ਇਨ੍ਹਾਂ ਕੈਂਪਾਂ ਵਿਚ ਉਨ੍ਹਾਂ ਨੇ ਕਿਸਾਨਾਂ ਨੂੰ ਸੁਪਰ ਸੀਡਰ, ਹੈਪੀ ਸੀਡਰ ਅਤੇ ਸਟਰਾਅ ਮੈਨੇਜਮੈਂਟ ਮਸ਼ੀਨਾਂ ਸਬਸਿਡੀ 'ਤੇ ਉਪਲਬਧ ਹਨ। ਪੰਜਾਬ ਸਰਕਾਰ ਨੇ ਸਖ਼ਤੀ ਵੀ ਵਰਤੀ ਹੋਈ ਹੈ। ਜੇਕਰ ਕੋਈ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਸ ਦੀ ਜ਼ਮੀਨ ਵਿਚ ਰੈੱਡ ਐਂਟਰੀ ਲੱਗ ਸਕਦੀ ਹੈ, ਐੱਫ.ਆਈ.ਆਰ ਦਰਜ ਹੋ ਸਕਦੀ ਹੈ ਅਤੇ ਹੋਰ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ। ਕਿਸਾਨ ਵੀਰੋ! ਆਓ, ਇਸ ਵਾਰ ਵਾਅਦਾ ਕਰੀਏ ਕਿ ਕਣਕ ਦੀ ਨਾੜ ਨੂੰ ਅੱਗ ਨਹੀਂ ਲਾਵਾਂਗੇ। ਇਸ ਨੂੰ ਧਰਤੀ ਵਿਚ ਵਾਪਸ ਮਿਲਾਵਾਂਗੇ, ਖ਼ਾਦ ਬਣਾਵਾਂਗੇ, ਵੇਚਾਂਗੇ ਜਾਂ ਸੁਚੱਜੇ ਢੰਗ ਨਾਲ ਪ੍ਰਬੰਧ ਕਰਾਂਗੇ। ਸਾਫ਼ ਹਵਾ, ਸਿਹਤਮੰਦ ਧਰਤੀ ਅਤੇ ਬਿਹਤਰ ਫਸਲਾਂ ਸਾਡੇ ਹੱਥ ਵਿੱਚ ਹਨ।
ਇਸ ਮੌਕੇ ਉਨ੍ਹਾਂ ਦੇ ਨਾਲ ਪਿੰਡ ਘੱਗੇ ਦੇ ਸਰਪੰਚ ਹਰਜਿੰਦਰ ਸਿੰਘ, ਕਿਸਾਨ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ, ਬਲਜਿੰਦਰ ਸਿੰਘ ਕਾਮਨ ਸਰਵਿਸ ਸੈਂਟਰ, ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ ਗੁਰਪ੍ਰਤਾਪ ਸਿੰਘ, ਅਮਰਜੀਤ ਸਿੰਘ ਸਿੰਘ, ਅੰਗਰੇਜ਼ ਸਿੰਘ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਪਿੰਡ ਤੇ ਕਿਸਾਨ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ