
ਚੰਡੀਗੜ੍ਹ, 24 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀ ਖੇਡ ਕ੍ਰਾਂਤੀ ਨਾਲ ਖੇਡ ਖੇਤਰ ਦੀ ਨੁਹਾਰ ਬਦਲਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਸਿੰਚਾਈ ਵਿਭਾਗ, ਸਿਹਤ ਵਿਭਾਗ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਿੱਚ ਵੱਡੇ ਸੁਧਾਰਾਂ ਦੀ ਅਗਲੀ ਯੋਜਨਾ ਦਾ ਜ਼ਿਕਰ ਕੀਤਾ। ਇਸ ਯੋਜਨਾ ਤਹਿਤ ਖੇਡ ਬਜਟ 350 ਕਰੋੜ ਰੁਪਏ ਤੋਂ ਵਧਾ ਕੇ 1791 ਕਰੋੜ ਰੁਪਏ ਕੀਤਾ, ਕੋਚਾਂ ਦੀ ਗਿਣਤੀ ਵਿੱਚ 500 ਤੋਂ ਵਧਾ ਕੇ 2458 ਕੀਤੀ ਅਤੇ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਦੇ ਐਥਲੀਟਾਂ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਸ਼ਾਮਲ ਹੈ।
ਇਸ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਨੇ 3100 ਖੇਡ ਮੈਦਾਨਾਂ ਦੇ ਵਿਕਾਸ, 3000 ਜਿੰਮ, 17000 ਖੇਡ ਕਿੱਟਾਂ ਦੀ ਵੰਡ ਅਤੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੇਜ਼ੀ ਨਾਲ ਵਿਸਥਾਰ ਦਾ ਜ਼ਿਕਰ ਕੀਤਾ। ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸ਼ਾਮਲ ਹੋਣ ਵਾਲੇ ਖਿਡਾਰੀਆਂ ਦੀ ਗਿਣਤੀ ਡੇਢ ਲੱਖ ਤੋਂ ਵਧ ਕੇ ਪੰਜ ਲੱਖ ਖਿਡਾਰੀਆਂ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ ਨੇ ਇਤਿਹਾਸ ਵਿੱਚ ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਲ-ਨਾਲ 40 ਸਾਲਾਂ ਬਾਅਦ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਪ੍ਰਾਪਤ ਕੀਤੀ ਹੈ, ਜਿਸ ਨਾਲ ਸੂਬਾ, ਦੇਸ਼ ਵਿੱਚ ਖੇਡ ਧੁਰੇ ਵਜੋਂ ਉਭਰਿਆ ਹੈ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸ਼ੀਅਨ ਖੇਡਾਂ 3-4 ਅਕਤੂਬਰ ਨੂੰ ਸਮਾਪਤ ਹੋਣਗੀਆਂ ਅਤੇ ਚੋਟੀ ਦੀਆਂ ਛੇ ਹਾਕੀ ਟੀਮਾਂ ਇਨ੍ਹਾਂ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣਗੀਆਂ। ਪਹਿਲੀ ਵਾਰ ਪੰਜਾਬ ਨੂੰ ਇਹ ਅੰਤਰਰਾਸ਼ਟਰੀ ਟੂਰਨਾਮੈਂਟ ਕਰਵਾਉਣ ਦਾ ਮੌਕਾ ਮਿਲਿਆ ਹੈ ਅਤੇ ਇਹ ਕਦਮ ਖੇਡਾਂ ਦੇ ਖੇਤਰ ਵਿੱਚ ਵੱਡੀ ਪ੍ਰਾਪਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਲਈ ਚਾਰ ਦੇਸ਼ੀ ਟੂਰਨਾਮੈਂਟ ਦੇ ਰੂਪ ਵਿੱਚ ਇੱਕ ਹੋਰ ਅੰਤਰਰਾਸ਼ਟਰੀ ਟੂਰਨਾਮੈਂਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜੋ ਸੂਬੇ ਵਿੱਚ ਹਾਕੀ ਨੂੰ ਵੱਡਾ ਹੁਲਾਰਾ ਦੇਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਕੀ ਵਿੱਚ ਪੰਜਾਬੀਆਂ ਦੀ ਸਰਦਾਰੀ ਹੋਣ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਪਹਿਲੀ ਵਾਰ, ਪੰਜਾਬ ਅਕਤੂਬਰ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਅਤੇ ਇਹ ਏਸ਼ੀਆ ਦਾ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ ਹੈ। ਹਾਕੀ ਮੈਚ ਮੋਹਾਲੀ ਦੇ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਹੋਣਗੇ।
ਮੁੱਖ ਮੰਤਰੀ ਨੇ ਬੈਡਮਿੰਟਨ ਚੈਂਪੀਅਨਸ਼ਿਪ ਦੀ ਵਾਪਸੀ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ 40 ਸਾਲਾਂ ਬਾਅਦ ਸੂਬੇ ਨੂੰ ਜਲੰਧਰ ਵਿਖੇ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਮਿਲੀ ਹੈ। ਇਹ ਟੂਰਨਾਮੈਂਟ ਅੰਡਰ-13 ਵਰਗ ਲਈ ਹੋਵੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਸੂਬੇ ਨੂੰ ਸਮੁੱਚੇ ਵਿਕਾਸ ਤੇ ਖੇਡਾਂ ਲਈ ਹੁਲਾਰਾ ਮਿਲੇ। ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਲਈ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।ਆਗਾਮੀ ਟੂਰਨਾਮੈਂਟ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਭਾਰਤ, ਪਾਕਿਸਤਾਨ, ਦੱਖਣੀ ਕੋਰੀਆ, ਜਾਪਾਨ, ਮਲੇਸ਼ੀਆ ਅਤੇ ਚੀਨ ਦੀਆਂ ਟੀਮਾਂ ਇਸ ਮੈਗਾ ਈਵੈਂਟ ਵਿੱਚ ਹਿੱਸਾ ਲੈਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਨੂੰ ਹੁਲਾਰਾ ਦੇਣ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਪੇਸ਼ ਕੀਤੀ ਗਈ ਸੀ, ਜਿਸ ਤਹਿਤ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੀ ਵਿਵਸਥਾ ਹੈ। ਉਨ੍ਹਾਂ ਅੱਗੇ ਕਿਹਾ, “2023 ਦੀਆਂ ਏਸ਼ੀਆਈ ਖੇਡਾਂ ਵਿੱਚ, ਪੰਜਾਬ ਦੇ ਐਥਲੀਟਾਂ ਨੇ 20 ਤਗਮੇ ਜਿੱਤੇ, ਜੋ ਕਿ ਇੱਕ ਇਤਿਹਾਸਕ ਰਿਕਾਰਡ ਹੈ।” ਉਨ੍ਹਾਂ ਅੱਗੇ ਕਿਹਾ, “ਓਲੰਪਿਕ ਦੇ ਕਾਂਸੀ ਤਮਗਾ ਜੇਤੂਆਂ (ਪੈਰਿਸ 2024) ਨੂੰ ਇਕ-ਇਕ ਕਰੋੜ ਰੁਪਏ ਦਿੱਤੇ ਗਏ ਅਤੇ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂਆਂ ਨੂੰ ਵੀ ਇਕ ਕਰੋੜ ਰੁਪਏ ਦੇ ਕੇ ਹੌਸਲਾ-ਅਫ਼ਜ਼ਾਈ ਕੀਤੀ ਗਈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ