
ਨਵਾਂਸ਼ਹਿਰ, 25 ਮਾਰਚ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਦਿਵਸ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ ’ਤੇ ਮਨਾਹੀ ਦੇ ਹੁਕਮ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਅਧੀਨ ਧਾਰਾ 163 ਵਿਚ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਹੱਦ ਅੰਦਰ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਲਗਾਉਂਦਾ ਹਾਂ। ਇਹ ਹੁਕਮ 12 ਮਈ , 2026ਤੱਕ ਲਾਗੂ ਰਹਿਣਗੇ।
ਜਨਤਕ ਸਥਾਨਾਂ ’ਤੇ ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ : ਇਸਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਕੋਈ ਵਿਅਕਤੀ/ਸੰਸਥਾ ਜਨਤਕ ਗਲੀ, ਪਾਰਕ, ਸਰਕਾਰੀ ਜ਼ਮੀਨ ’ਤੇ ਅਣ-ਅਧਿਕਾਰਿਤ ਤੌਰ ਤੇ ਕੋਈ ਮੰਦਿਰ, ਮਸੀਤ, ਗੁਰਦੁਆਰਾ, ਚਰਚ ਨਹੀਂ ਉਸਾਰੇਗਾ। ਇਸਦੇ ਨਾਲ ਹੀ ਕਿਸੇ ਵੀ ਵਿਭਾਗ ਵੱਲੋਂ ਜਨਤਕ ਸਥਾਨ ’ਤੇ ਉਸਾਰੀ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀlਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਆਪਣੇ ਅਧੀਨ ਪੈਂਦੀ ਜ਼ਮੀਨ ਉੱਤੇ ਉਪਰੋਕਤ ਉਸਾਰੀ ਨਾ ਹੋਣ ਦੇਣl ਜੇਕਰ ਕੋਈ ਵਿਅਕਤੀ, ਸੰਸਥਾ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਸਬੰਧਤ ਥਾਣਾ ਮੁਖੀ ਉਸ ਦੇ ਖ਼ਿਲਾਫ਼ ਬਿਨਾਂ ਕਿਸੇ ਦੇਰੀ ਤੋਂ ਫ਼ੌਜਦਾਰੀ ਪਰਚਾ ਦਰਜ ਕੀਤਾ ਜਾਵੇ ਅਤੇ ਉਸਾਰੀ ਨੂੰ ਬੰਦ ਕਰਵਾ ਦਿੱਤਾ ਜਾਵੇl ਇਹ ਹੁਕਮ 12ਮਈ 2026 ਤੱਕ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ