
ਮਹਿਲ ਕਲਾਂ, 25 ਮਾਰਚ (ਹਿੰ.ਸ.)। ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਲੜਕੀਆਂ ਵਿੱਚ ਸਰਵਾਈਕਲ ਕੈਂਸਰ ਤੋਂ ਬਚਾਅ ਕਰਨ ਲਈ ਐਚ.ਪੀ.ਵੀ. ਵੈਕਸੀਨ ਮੁਹਿੰਮ ਦੇ ਸੰਦਰਭ ਵਿੱਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਵੱਲੋਂ ਸੀ.ਐਚ.ਸੀ ਮਹਿਲ ਕਲਾਂ ਵਿਖੇ ਸਮੂਹ ਫੀਲਡ ਸਟਾਫ਼ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਔਰਤਾਂ ਵਿੱਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹਰ ਸਾਲ ਬਹੁਤ ਮੌਤਾਂ ਦਾ ਕਾਰਨ ਬਣਦਾ ਹੈ। ਸਿਹਤ ਵਿਭਾਗ ਵੱਲੋਂ 14 ਸਾਲ ਦੀਆਂ ਲੜਕੀਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਭਵਿੱਖ ਵਿੱਚ ਸਰਵਾਈਕਲ ਕੈਂਸਰ ਦੇ ਰੋਗ ਤੋਂ ਬਚਾਅ ਕਰੇਗੀ। ਉਨ੍ਹਾਂ ਕਿਹਾ ਕਿ ਵੈਕਸੀਨ ਸਬੰਧੀ ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਇਹ ਵੈਕਸੀਨ ਲੜਕੀਆਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪਾਉਂਦੀ ਹੈ ਜਦਕਿ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਵਿਸ਼ਵ ਸਿਹਤ ਸੰਗਠਨ ਦੁਆਰਾ ਪ੍ਰਮਾਣਤ ਹੈ ਅਤੇ ਪੁਰੀ ਤਰ੍ਹਾਂ ਸੁਰੱਖਿਅਤ ਹੈ।
ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਹਿਊਮਨ ਪੈਪੀਲੋਮਾਵਾਇਰਸ (ਐਚ.ਪੀ.ਵੀ.) ਇੱਕ ਆਮ ਪਰ ਗੰਭੀਰ ਲਾਗ ਹੈ ਜੋ ਮੁੱਖ ਤੌਰ ਉੱਤੇ ਚਮੜੀ ਤੋਂ ਚਮੜੀ ਦੇ ਸੰਪਰਕ ਰਾਹੀਂ ਫੈਲਦੀ ਹੈ। ਕੁਝ ਉੱਚ-ਜੋਖਮ ਵਾਲੀਆਂ ਕਿਸਮਾਂ ਸਰਵਾਈਕਲ ਕੈਂਸਰ, ਗਲੇ ਦਾ ਕੈਂਸਰ, ਗੁਦਾ ਕੈਂਸਰ ਅਤੇ ਹੋਰ ਕੈਂਸਰਾਂ ਦਾ ਕਾਰਨ ਬਣ ਸਕਦੀਆਂ ਹਨ ਜੇਕਰ ਉਹ ਲੰਬੇ ਸਮੇਂ ਤੱਕ ਸਰੀਰ ਵਿੱਚ ਬਣੇ ਰਹਿੰਦੇ ਹਨ। ਉਨ੍ਹਾਂ ਸਮੂਹ ਫੀਲਡ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਇਸ ਬਾਰੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਤਾਂ ਜੋ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਤੋਂ 14 ਤੋਂ 15 ਸਾਲ ਦੇ ਵਿਚਕਾਰ ਦੀਆਂ ਬੱਚੀਆਂ ਨੂੰ ਇਹ ਵੈਕਸੀਨ ਲਗਵਾ ਸਕਣ।
ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਇਸ ਵੈਕਸੀਨ ਦੀ ਵਿਸ਼ਵ ਪੱਧਰ ਉੱਤੇ ਵਿਆਪਕ ਖੋਜ ਕੀਤੀ ਗਈ ਹੈ ਅਤੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਸਿਹਤ ਮਾਹਿਰਾਂ ਦੇ ਅਨੁਸਾਰ, ਦੁਨੀਆ ਭਰ ਵਿੱਚ (ਐਚ.ਪੀ.ਵੀ.) ਟੀਕੇ ਦੀਆਂ 50 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ। ਕਲੀਨਿਕਲ ਅਧਿਐਨਾਂ ਨੇ ਦਿਖਾਇਆ ਹੈ ਕਿ (ਐਚ.ਪੀ.ਵੀ.) ਟੀਕਾਕਰਨ ਸਰਵਾਈਕਲ ਕੈਂਸਰ ਨੂੰ ਰੋਕਣ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ। ਉਨ੍ਹਾਂ ਸਟਾਫ਼ ਨੂੰ ਲੋਕਾਂ ਨੂੰ ਇਸ ਟੀਕਾਕਰਨ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਪ੍ਰੇਰਿਤ ਕਰਨ ਲਈ ਅਪੀਲ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਵਲੋਂ ਵੀ ਸਟਾਫ ਨੂੰ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਅਪੀਲ ਕੀਤੀ ਗਈ। ਇਸ ਮੌਕੇ ਟੀਕਾਕਰਨ ਸਹਾਇਕ ਗੁਰਦੀਪ ਸਿੰਘ, ਬੀ ਈ ਈ ਸ਼ਿਵਾਨੀ ਅਰੋੜਾ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ