
ਫਾਜ਼ਿਲਕਾ, 25 ਮਾਰਚ (ਹਿੰ.ਸ.)। ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਪੈਦਲ ਯਾਤਰਾ ਦਾ ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਖੇ ਖੇਡ ਮੰਤਰਾਲਾ ਭਾਰਤ ਸਰਕਾਰ ਅਤੇ ਮੇਰਾ ਯੁਵਾ ਭਾਰਤ (ਫਾਜ਼ਿਲਕਾ/ਫਿਰੋਜ਼ਪੁਰ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਜ਼ਿਲ੍ਹਾ ਯੂਥ ਅਫ਼ਸਰ ਮੋਹਿਤ ਕੁਮਾਰ ਸੈਣੀ, ਸੀਨੀਅਰ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਮਨਜੀਤ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਰਾਜਿੰਦਰ ਸਿੰਘ ਦੀ ਦੇਖ-ਰੇਖ ਹੇਠ ਕੀਤਾ ਗਿਆ। ਵਾਈਸ ਪ੍ਰਿੰਸੀਪਲ ਵੱਲੋਂ ਹਰੀ ਝੰਡੀ ਦੇ ਕੇ ਪੈਦਲ ਯਾਤਰਾ ਦੀ ਸ਼ੁਰੂਆਤ ਕਰਵਾਈ ਗਈ।ਇਸ ਮੌਕੇ ਟ੍ਰੇਨਿੰਗ ਅਫ਼ਸਰ ਹਰਕਰਨ ਸਿੰਘ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਅਤੇ ਹੋਰ ਸਤਿਕਾਰਯੋਗ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸੰਬੋਧਨ ਕਰਦਿਆਂ ਮਨਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਰੁਝਾਨ ਵਧਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਜੰਟ ਸਿੰਘ ਵੱਲੋਂ ਵੀ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਸ਼ਹੀਦ ਭਗਤ ਸਿੰਘ ਦਾ ਕੋਟ ਉਧਰਿਤ ਕੀਤਾ ਗਿਆ ਕਿ ਜ਼ਿੰਦਗੀ ਆਪਣੇ ਦਮ ਤੇ ਜੀਤੀ ਜਾਂਦੀ ਹੈ, ਦੂਜਿਆਂ ਦੇ ਮੱਥੇ ਤੇ ਨਹੀਂ। ਉਨ੍ਹਾਂ ਨੇ ਨੌਜਵਾਨਾਂ ਨੂੰ ਸੱਚਾਈ, ਹਿੰਮਤ ਅਤੇ ਦੇਸ਼ਭਗਤੀ ਦੇ ਰਸਤੇ ਤੇ ਤੁਰਨ ਦੀ ਅਪੀਲ ਕੀਤੀ। ਪ੍ਰੋਗਰਾਮ ਅਫ਼ਸਰ ਵੱਲੋਂ ਵੀ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਲਈ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਮਨਜੀਤ ਸਿੰਘ ਭੁੱਲਰ ਵੱਲੋਂ ਸਟਾਫ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਸਟਾਫ ਨੂੰ ਵੀ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਮਨਜੀਤ ਸਿੰਘ ਭੁੱਲਰ ਅਤੇ ਤਰੂਨਜੀਤ ਸਿੰਘ ਵੱਲੋਂ ਸੰਸਥਾ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੇ ਅਖੀਰ ਵਿੱਚ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਵੰਡਿਆ ਗਿਆ। ਪੈਦਲ ਯਾਤਰਾ ਵਿਚ 200 ਤੋਂ ਵੱਧ ਸਿਖਿਆਰਥੀਆਂ ਨੇ ਹਿੱਸਾ ਲਿਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ