
ਪਟਿਆਲਾ, 25 ਮਾਰਚ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਪਟਿਆਲਾ ਦਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਟ੍ਰਾਂਸਜੈਂਡਰ ਕਮੇਟੀ ਦੇ ਮੈਂਬਰਾਂ ਨਾਲ ਪਛਾਣ ਪੱਤਰ ਜਾਰੀ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਟ੍ਰਾਂਸਜੈਂਡਰ ਵਿਅਕਤੀਆਂ (ਅਧਿਕਾਰਾਂ ਦੀ ਰੱਖਿਆ) ਕਾਨੂੰਨ, 2019 ਅਤੇ ਇਸ ਅਧੀਨ ਬਣੇ ਨਿਯਮ 2020 ਦੀ ਧਾਰਾ 6 ਤਹਿਤ ਟ੍ਰਾਂਸਜੈਂਡਰ ਵਿਅਕਤੀਆਂ ਨੂੰ ਪਛਾਣ ਪੱਤਰ ਜਾਰੀ ਕੀਤੇ ਜਾ ਸਕਦੇ ਹਨ। ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਟ੍ਰਾਂਸਜੈਂਡਰ ਰਾਸ਼ਟਰੀ ਪੋਰਟਲ (ਵੈੱਬਸਾਈਟ) ਰਾਹੀਂ ਬਿਨ੍ਹਾਂ ਕਿਸੇ ਮੁਸ਼ਕਲ ਦੇ ਪਛਾਣ ਪੱਤਰ ਲਈ ਅਰਜ਼ੀ ਦੇ ਸਕਦੇ ਹਨ। ਇਹ ਸਰਟੀਫਿਕੇਟ ਪਛਾਣ ਦੇ ਮਹੱਤਵਪੂਰਨ ਸਬੂਤ ਵਜੋਂ ਕੰਮ ਕਰਦਾ ਹੈ ਅਤੇ ਵਿਅਕਤੀਆਂ ਨੂੰ ਆਪਣੇ ਲਿੰਗ ਨੂੰ ‘ਟ੍ਰਾਂਸਜੈਂਡਰ’ ਜਾਂ ‘ਤੀਜੇ ਲਿੰਗ’ ਵਜੋਂ ਵਿਦਿਅਕ, ਰੁਜ਼ਗਾਰ ਅਤੇ ਹੋਰ ਸਰਕਾਰੀ ਦਸਤਾਵੇਜ਼ਾਂ ਵਿੱਚ ਦਰਜ ਕਰਨ ਦੀ ਆਗਿਆ ਦਿੰਦਾ ਹੈ।
ਮੀਟਿੰਗ ਵਿੱਚ ਟ੍ਰਾਂਸਜੈਂਡਰ ਸਮੁਦਾਇ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਭਲਾਈ ਲਈ ਵੱਖ-ਵੱਖ ਸੁਝਾਅ ਵੀ ਪ੍ਰਾਪਤ ਕੀਤੇ ਗਏ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਟ੍ਰਾਂਸਜੈਂਡਰ ਵਿਅਕਤੀਆਂ ਲਈ ਸਹੂਲਤਾਂ ਨੂੰ ਹੋਰ ਸੁਧਾਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ