
ਅੰਮ੍ਰਿਤਸਰ, 26 ਮਾਰਚ (ਹਿੰ.ਸ.)। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਨਸਪ (ਪੰਜਾਬ ਸਰਕਾਰ) ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮਾਨ ਸਰਕਾਰ ਦੇ ਚਾਰ ਸਾਲ ਪੰਜਾਬ ਲਈ ਸ਼ਾਨਦਾਰ ਸਾਬਤ ਹੋਏ ਹਨ। ਇਨ੍ਹਾਂ ਚਾਰ ਸਾਲਾਂ ਦੌਰਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਂਦਿਆਂ ਹਰ ਖੇਤਰ ਵਿੱਚ ਵੱਡੇ ਬਦਲਾਅ ਲਿਆਏ ਹਨ। ਮਾਨ ਸਰਕਾਰ ਵੱਲੋਂ ਵੱਡੀਆਂ ਜਨ-ਸੰਪਰਕ ਮੁਹਿੰਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ 4 ਸਾਲਾਂ ਵਿੱਚ ਕੀਤੇ ਕੰਮਾਂ ਦੇ ਆਧਾਰ ਤੇ ਘਰ-ਘਰ ਪਹੁੰਚ ਕੀਤੀ ਜਾਵੇਗੀ।
ਬਰਾੜ ਨੇ ਦੱਸਿਆ ਕਿ ਸਿਹਤ ਖੇਤਰ ਵਿੱਚ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਅਤੇ ਟੈਸਟ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ 2,661 ਡਾਕਟਰ, ਪੈਰਾਮੈਡੀਕਲ ਅਤੇ ਕਲੀਨਿਕਲ ਸਟਾਫ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ।
ਸਿੱਖਿਆ ਖੇਤਰ ਵਿੱਚ ਪੰਜਾਬ ਨੇ ਦੇਸ਼ ਵਿੱਚ ਮਿਸਾਲ ਕਾਇਮ ਕੀਤੀ ਹੈ। ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਦੇਸ਼ ਵਿੱਚ ਨੰਬਰ-1 ਰਿਹਾ ਹੈ। ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇਈਈ ਮੇਨ ਅਤੇ 845 ਵਿਦਿਆਰਥੀਆਂ ਨੇ ਨੀਟ ਪਰੀਖਿਆ ਪਾਸ ਕੀਤੀ ਹੈ। 15,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਅਤੇ 12,000 ਤੋਂ ਵੱਧ ਅਧਿਆਪਕਾਂ ਨੂੰ ਤਰੱਕੀ ਦੇ ਕੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ।
ਰੋਜ਼ਗਾਰ ਦੇ ਮੋਰਚੇ ‘ਤੇ ਵੀ ਮਾਨ ਸਰਕਾਰ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਹੁਣ ਤੱਕ 65,264 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ 5 ਲੱਖ ਤੋਂ ਵੱਧ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ।
ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ “ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ” ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰ ਮਹਿਲਾ ਨੂੰ 1,000 ਰੁਪਏ ਅਤੇ ਐਸਸੀ ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੀਆਂ ਧੀਆਂ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਲਈ ਪੰਜਾਬ ਵਿੱਚ 1.55 ਲੱਖ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਆਇਆ ਹੈ ਅਤੇ ਇੰਡਸਟਰੀਅਲ ਐਂਡ ਬਿਜ਼ਨਸ ਡਿਵੈਲਪਮੈਂਟ ਪਾਲਿਸੀ-2026 ਲਾਗੂ ਕਰਕੇ ਵਪਾਰਕ ਮਾਹੌਲ ਨੂੰ ਹੋਰ ਸੁਧਾਰਿਆ ਗਿਆ ਹੈ।
ਬੁਨਿਆਦੀ ਢਾਂਚੇ ਦੇ ਵਿਕਾਸ ਤਹਿਤ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ/ਨਵੀਨੀਕਰਨ ਅਤੇ 13,000 ਤੋਂ ਵੱਧ ਪਿੰਡਾਂ ਵਿੱਚ ਤਲਾਬਾਂ ਦੀ ਸਫਾਈ ਕੀਤੀ ਗਈ ਹੈ।ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ 92,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਅਤੇ 32,620 ਕਿਲੋ ਨਸ਼ਾ ਜ਼ਬਤ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਖ਼ਿਲਾਫ਼ ਐਂਟੀ-ਕਰਪਸ਼ਨ ਹੈਲਪਲਾਈਨ 9501200200 ਰਾਹੀਂ ਕਾਰਵਾਈ ਕਰਦਿਆਂ 1,000 ਤੋਂ ਵੱਧ ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਖੇਡਾਂ ਦੇ ਵਿਕਾਸ ਲਈ 9,000 ਤੋਂ ਵੱਧ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਅਤੇ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। “ਮੇਰੀ ਰਸੋਈ ਯੋਜਨਾ” ਤਹਿਤ ਗਰੀਬ ਪਰਿਵਾਰਾਂ ਨੂੰ ਵੀ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਮਜ਼ਬੂਤ ਕਰਕੇ ਅਤੇ ਫਸਲਾਂ ਦੀ ਖਰੀਦ ਦੇ 24 ਘੰਟਿਆਂ ਵਿੱਚ ਭੁਗਤਾਨ ਯਕੀਨੀ ਬਣਾਕੇ ਵੱਡੀ ਰਾਹਤ ਦਿੱਤੀ ਗਈ ਹੈ। ਇਸ ਦੇ ਨਾਲ ਹੀ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਅਤੇ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਨਾਂ ਕਟੌਤੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।
ਅੰਤ ਵਿੱਚ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਚੀ ਨੀਅਤ ਅਤੇ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਦਿਆਂ ਲੋਕਾਂ ਦਾ ਭਰੋਸਾ ਜਿੱਤਿਆ ਹੈ। ਆਉਣ ਵਾਲੇ ਸਮੇਂ ਵਿੱਚ ਵੱਡੀਆਂ ਜਨ-ਸੰਪਰਕ ਮੁਹਿੰਮਾਂ ਸ਼ੁਰੂ ਕਰਕੇ ਸਰਕਾਰ ਆਪਣੇ ਕੀਤੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਏਗੀ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਯਕੀਨੀ ਬਣਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ