
ਪਾਇਲ/ਲੁਧਿਆਣਾ, 26 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਇਲ ਹਲਕੇ ਵਿੱਚ ਵਿਕਾਸ ਦੇ ਕੰਮ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਹੁਣ ਤੱਕ ਹਲਕੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਜਦਕਿ ਹੋਰ ਕਈ ਪ੍ਰੋਜੈਕਟ ਤੇਜ਼ੀ ਨਾਲ ਚੱਲ ਰਹੇ ਹਨ। ਹਲਕੇ ਵਿੱਚ ਸੜਕਾਂ ਦਾ ਵਿਸਥਾਰ ਕੀਤਾ ਗਿਆ ਹੈ ਅਤੇ ਨਵੀਆਂ ਸੜਕਾਂ ਦਾ ਜਾਲ ਬਿਛਾਇਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਕਹਿਣਾ ਹੈ ਇੱਥੋਂ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਦਾ।ਇਸੇ ਤਹਿਤ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਹਲਕੇ ਦੇ 8 ਪਿੰਡਾਂ ਵਿੱਚ ਲਗਭਗ 1 ਕਰੋੜ 10 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੋ ਕੇ ਕੰਮ ਕੀਤਾ ਜਾ ਰਿਹਾ ਹੈ। ਪਿੰਡ ਦੁੱਗਰੀ ਵਿੱਚ ਸੀਵਰੇਜ ਪਾਈਪ ਲਾਈਨ ਦਾ ਕੰਮ ਮੁਕੰਮਲ ਹੋਣ ਉਪਰੰਤ ਉਦਘਾਟਨ ਕੀਤਾ ਗਿਆ, ਜਿਸ ਨਾਲ ਸਫਾਈ ਪ੍ਰਬੰਧ ਹੋਰ ਸੁਧਰੇਗਾ। ਪਿੰਡ ਭੱਠਲ ਵਿੱਚ ਸ਼ੈੱਡ ਅਤੇ ਸਟੇਡੀਅਮ ਵਾਲੀ ਗਲੀ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਬਰਮਾਲੀਪੁਰ ਵਿੱਚ ਗਲੀ ਅਤੇ ਸੀਵਰੇਜ ਦੇ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।ਪਿੰਡ ਮਾਜਰੀ ਅਤੇ ਚੀਮਾ ਵਿੱਚ ਪਾਰਕਾਂ ਦੀ ਉਸਾਰੀ ਲਈ ਨੀਂਹ ਪੱਥਰ ਰੱਖੇ ਗਏ, ਜੋ ਨੌਜਵਾਨਾਂ ਅਤੇ ਬੱਚਿਆਂ ਲਈ ਲਾਭਦਾਇਕ ਸਾਬਤ ਹੋਣਗੇ। ਧਮੋਟ ਕਲਾਂ ਵਿੱਚ ਆਂਗਨਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਬੱਚਿਆਂ ਅਤੇ ਮਹਿਲਾਵਾਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਭਾਡੇਵਾਲ ਅਤੇ ਜਰਗੜੀ ਵਿੱਚ ਗਲੀਆਂ ਦਾ ਨਿਰਮਾਣ ਕਰਵਾਇਆ ਗਿਆ, ਜਿਸ ਨਾਲ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਸਹੂਲਤਾਂ ਵਿੱਚ ਵੱਡਾ ਸੁਧਾਰ ਆਇਆ ਹੈ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਦੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਦਾ ਸਮਾਨ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ, ਤਾਂ ਜੋ ਲੋਕਾਂ ਨੂੰ ਹਰ ਪੱਖੋਂ ਸਹੂਲਤਾਂ ਮਿਲ ਸਕਣ। ਸਥਾਨਕ ਲੋਕਾਂ ਨੇ ਵੀ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਪਹਿਲਾਂ ਕਦੇ ਵੀ ਇਸ ਤਰ੍ਹਾਂ ਦਾ ਤੇਜ਼ ਵਿਕਾਸ ਨਹੀਂ ਦੇਖਿਆ ਗਿਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ