
ਹੁਸ਼ਿਆਰਪੁਰ, 26 ਮਾਰਚ (ਹਿੰ.ਸ.)। ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਈਵੀਐਮ ਵੇਅਰਹਾਊਸ ਦੀ (ਖੋਲ੍ਹ ਕੇ ਅੰਦਰੂਨੀ ਹਾਲਾਤ ਦੀ) ਮਾਰਚ 2026 ਦੀ ਤਿਮਾਹੀ ਪੜਤਾਲ ਕੀਤੀ ਗਈ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਪੜਤਾਲ ਪ੍ਰਕਿਰਿਆ ਦੇ ਤਹਿਤ ਸਾਰੇ ਸਬੰਧਤ ਰਿਕਾਰਡ, ਲਾਗਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।
ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਨੇ ਕਿਹਾ ਕਿ ਈਵੀਐਮ ਵੇਅਰਹਾਊਸ ਦੀ ਤਿਮਾਹੀ ਪੜਤਾਲ ਇੱਕ ਨਿਯਮਿਤ ਅਤੇ ਜ਼ਰੂਰੀ ਪ੍ਰਕਿਰਿਆ ਹੈ। ਇਸਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਬਣਾਈ ਰੱਖਣਾ ਹੈ। ਉਨ੍ਹਾਂ ਇਸ ਗੱਲ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਕਿ ਜ਼ਿਲ੍ਹੇ ਵਿੱਚ ਵੇਅਰਹਾਊਸ ਦੀ ਵਿਵਸਥਾ ਉੱਚਤਮ ਮਿਆਰਾਂ ਦੇ ਅਨੁਸਾਰ ਪਾਏ ਗਏ ਹਨ।
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਮੌਕੇ ‘ਤੇ ਕਿਹਾ ਕਿ ਚੋਣ ਕਮਿਸ਼ਨ ਦੀ ਇਹ ਪਹਿਲ ਲੋਕਤੰਤਰ ਪ੍ਰਕਿਰਿਆ ਵਿਚ ਆਮ ਜਨਤਾ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ ਅਤੇ ਮਸ਼ੀਨਾਂ ਦੀ ਨਿਰਪੱਖਤਾ ਨੂੰ ਲੈ ਕੇ ਫੈਲਾਈ ਜਾਣ ਵਾਲੀ ਗਲਤ ਧਾਰਨਾਵਾਂ ਨੂੰ ਦੂਰ ਕਰਨ ਵਿਚ ਸਹਾਈ ਹੈ। ਇਸ ਮੌਕੇ ‘ਤੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਣ ਕੁਮਾਰ ਸ਼ਰਮਾ, ਆਮ ਆਦਮੀ ਪਾਰਟੀ ਤੋਂ ਜਸਪਾਲ ਸਿੰਘ ਤੋਂ ਇਲਾਵਾ ਨੋਡਲ ਅਫ਼ਸਰ ਈਵੀਐਮਜ਼ ਬਲਵਿੰਦਰ ਸਿੰਘ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਕੋਣ ਕਾਨੂੰਗੋ ਦੀਪਕ ਕੁਮਾਰ ਅਤੇ ਲਖਵੀਰ ਸਿੰਘ ਵੀ ਮੌਜ਼ੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ