
ਬਠਿੰਡਾ, 27 ਮਾਰਚ (ਹਿੰ.ਸ.)। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਤੇ ਐਕਸਾਈਜ਼ ਡਿਊਟੀ ਘਟਾ ਕੇ ਆਮ ਲੋਕਾਂ ਨੂੰ ਰਾਹਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਨੇਤਾ ਸੰਦੀਪ ਅਗਰਵਾਲ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਜਿੱਥੇ ਪੂਰੀ ਦੁਨੀਆ ਵਿਸ਼ਵ ਪੱਧਰੀ ਹਾਲਾਤਾਂ ਅਤੇ ਜੰਗ ਵਰਗੇ ਮਾਹੌਲ ਨਾਲ ਚਿੰਤਿਤ ਹੈ, ਉੱਥੇ ਭਾਰਤ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਨੇ 140 ਕਰੋੜ ਦੇਸ਼ਵਾਸੀਆਂ ਨੂੰ ਰਾਹਤ ਦੇਣ ਵਾਲਾ ਮਹੱਤਵਪੂਰਨ ਕਦਮ ਚੁੱਕਿਆ ਹੈ।
ਸੰਦੀਪ ਅਗਰਵਾਲ ਨੇ ਕਿਹਾ ਕਿ ਇਸ ਚੁਣੌਤੀਪੂਰਨ ਸਮੇਂ ਵਿੱਚ ਵੀ ਦੇਸ਼ ਵਾਸੀਆਂ ਦੇ ਹਿਤ ਨੂੰ ਸਭ ਤੋਂ ਉੱਪਰ ਰੱਖਦੇ ਹੋਏ ਲਿਆ ਗਿਆ ਇਹ ਫੈਸਲਾ ਪ੍ਰਧਾਨ ਮੰਤਰੀ ਦੀ ਸੰਵੇਦਨਸ਼ੀਲਤਾ, ਦੂਰਦਰਸ਼ਤਾ ਅਤੇ ਜਨਸੇਵਾ ਪ੍ਰਤੀ ਉਨ੍ਹਾਂ ਦੇ ਅਟੱਲ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਦੇਸ਼ ਦੇ ਹਰ ਪਰਿਵਾਰ, ਕਿਸਾਨ, ਮਜ਼ਦੂਰ ਅਤੇ ਮੱਧ ਵਰਗ ਨੂੰ ਵਿਆਪਕ ਲਾਭ ਮਿਲੇਗਾ।
ਅਗਰਵਾਲ ਨੇ ਕਿਹਾ ਕਿ ਵਿਸ਼ਵ ਪੱਧਰ ’ਤੇ ਤੇਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਪਰ ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਲਿਆ ਗਿਆ ਇਹ ਮਜ਼ਬੂਤ ਅਤੇ ਸਥਿਰ ਫੈਸਲਾ ਦੇਸ਼ ਦੀ ਆਰਥਿਕ ਮਜ਼ਬੂਤੀ ਅਤੇ ਨੀਤਿਗਤ ਸਪਸ਼ਟਤਾ ਨੂੰ ਦਰਸਾਉਂਦਾ ਹੈ। ਸੰਦੀਪ ਅਗਰਵਾਲ ਨੇ ਦੋਸ਼ ਲਾਇਆ ਕਿ ਦੇਸ਼ ਵਿੱਚ ਕੁਝ ਲੋਕ ਸਿਰਫ਼ ਸ਼ੋਰ ਮਚਾ ਕੇ ਅਫਵਾਹਾਂ ਫੈਲਾਉਣ ਵਿੱਚ ਲੱਗੇ ਹਨ, ਜਦਕਿ ਭਾਜਪਾ ਸਰਕਾਰ ਜ਼ਮੀਨੀ ਪੱਧਰ 'ਤੇ ਠੋਸ ਹੱਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਨਵੇਂ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ