ਸਰਕਾਰੀ ਸਕੂਲਾਂ ’ਚ 28 ਮਾਰਚ ਨੂੰ ਹੋਵੇਗੀ 'ਮੈਗਾ ਮਾਪੇ-ਅਧਿਆਪਕ ਮਿਲਣੀ', ਤਿਆਰੀਆਂ ਮੁਕੰਮਲ : ਡੀ.ਈ.ਓ
ਤਰਨ ਤਾਰਨ, 27 ਮਾਰਚ (ਹਿੰ.ਸ.)। ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 28 ਮਾਰਚ (ਸ਼ਨੀਵਾਰ) ਨੂੰ ''ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿ
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿਨਾਮ ਸਿੰਘ ਬਾਠ


ਤਰਨ ਤਾਰਨ, 27 ਮਾਰਚ (ਹਿੰ.ਸ.)। ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 28 ਮਾਰਚ (ਸ਼ਨੀਵਾਰ) ਨੂੰ 'ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿਨਾਮ ਸਿੰਘ ਬਾਠ ਨੇ ਦੱਸਿਆ ਕਿ ਇਸ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਮਾਪਿਆਂ ਨਾਲ ਸਾਂਝੀਆਂ ਕਰਨਾ ਅਤੇ ਉਨ੍ਹਾਂ ਨੂੰ ਸਕੂਲ ਦੀਆਂ ਗਤੀਵਿਧੀਆਂ ਨਾਲ ਜੋੜਨਾ ਹੈ।

ਸਤਿਨਾਮ ਸਿੰਘ ਬਾਠ ਨੇ ਦੱਸਿਆ ਕਿ 28 ਮਾਰਚ ਨੂੰ ਸਵੇਰੇ 8:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੱਲਣ ਵਾਲੀ ਇਸ ਮਿਲਣੀ ਦੌਰਾਨ ਪਹਿਲੀ ਤੋਂ ਗਿਆਰਵੀਂ ਜਮਾਤ (ਨਾਨ-ਬੋਰਡ) ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਅਧਿਆਪਕਾਂ ਵੱਲੋਂ ਮਾਪਿਆਂ ਨੂੰ ਬੱਚਿਆਂ ਦੇ 'ਹੋਲਿਸਟਿਕ ਰਿਪੋਰਟ ਕਾਰਡ' ਸੌਂਪੇ ਜਾਣਗੇ, ਜਿਸ ਵਿਚ ਬੱਚੇ ਦੀ ਸਾਲ ਭਰ ਦੀ ਕਾਰਗੁਜ਼ਾਰੀ ਦਾ ਵੇਰਵਾ ਹੋਵੇਗਾ। ਉਨ੍ਹਾਂ ਅਪੀਲ ਕੀਤੀ ਕਿ ਮਾਪੇ ਬੱਚਿਆਂ ਦੇ ਅੰਕਾਂ ਦੀ ਤੁਲਨਾ ਦੂਜਿਆਂ ਨਾਲ ਕਰਨ ਦੀ ਬਜਾਏ ਉਨ੍ਹਾਂ ਦੀ ਆਪਣੀ ਤਰੱਕੀ 'ਤੇ ਧਿਆਨ ਦੇਣ।

ਉਨ੍ਹਾਂ ਦੱਸਿਆ ਕਿ ਇਸ ਵਾਰ ਪੀ.ਟੀ.ਐਮ ਦੌਰਾਨ ਕਈ ਅਹਿਮ ਵਿਸ਼ਿਆਂ 'ਤੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ। 1 ਅਪ੍ਰੈਲ 2026 ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਬੱਚਿਆਂ ਦੇ ਦਾਖਲੇ ਅਤੇ ਨਿਯਮਤ ਹਾਜ਼ਰੀ ਬਾਰੇ ਪ੍ਰੇਰਿਤ ਕੀਤਾ ਜਾਵੇਗਾ। ਬੱਚਿਆਂ ਦੀ ਗੈਰ-ਹਾਜ਼ਰੀ ਸਬੰਧੀ ਮਾਪਿਆਂ ਨੂੰ ਮਿਲਣ ਵਾਲੇ ਆਟੋਮੈਟਿਕ ਐਸ. ਐਮ. ਐਸ ਸਿਸਟਮ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਇਸ ਤੋਂ ਇਲਾਵਾ 14 ਸਾਲ ਤੱਕ ਦੀਆਂ ਲੜਕੀਆਂ ਲਈ ਐੱਚ. ਪੀ. ਵੀ ਟੀਕਾਕਰਨ ਅਤੇ ਦਸਵੀਂ ਦੇ ਵਿਦਿਆਰਥੀਆਂ ਲਈ ਹੁਨਰ ਸਿੱਖਿਆ ਬਾਰੇ ਜਾਗਰੂਕਤਾ ਸੈਸ਼ਨ ਲਗਾਏ ਜਾਣਗੇ।ਸਤਿਨਾਮ ਸਿੰਘ ਬਾਠ ਨੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਸਫ਼ਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਅਤੇ ਮਾਪਿਆਂ ਦੇ ਬੈਠਣ ਲਈ ਸੁਚੱਜਾ ਇੰਤਜ਼ਾਮ ਹੋਵੇ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ, ਐਸ.ਐਮ.ਸੀ ਮੈਂਬਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੂੰ ਵੀ ਇਸ ਮਿਲਣੀ ਵਿਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਅਕ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਪਿਆਂ ਦੇ ਸੁਝਾਵਾਂ ਲਈ ਸਕੂਲਾਂ ਵਿਚ ਸੁਝਾਅ ਬਕਸੇ ਵੀ ਰੱਖੇ ਜਾਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande