
ਪਟਿਆਲਾ, 27 ਮਾਰਚ (ਹਿੰ.ਸ.)। ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਪਿੰਡ ਬਡੌਲੀ ਗੁੱਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਗੁਰਲਾਲ ਘਨੌਰ ਨੇ ਦੱਸਿਆ ਕਿ ਇਹ ਬੱਸ ਯਾਤਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਹਘਾ ਬਾਰਡਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਂਦਾ ਹੈ ਅਤੇ ਜਿਹੜੇ ਲੋਕ ਕਿਸੇ ਕਾਰਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਸ਼ਰਧਾਲੂਆਂ ਲੋਕਾਂ ਲਈ ਇਹ ਸਕੀਮ ਵਰਦਾਨ ਸਾਬਤ ਹੋ ਰਹੀ ਹੈ।
ਗੁਰਲਾਲ ਘਨੌਰ ਨੇ ਕਿਹਾ ਕਿ ਆਪ ਸਰਕਾਰ ਨੇ ਸਮਾਜਿਕ ਤੇ ਧਾਰਮਿਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਇਹ ਨਿਮਾਣਾ ਉਪਰਾਲਾ ਕੀਤਾ ਹੈ। ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ