
ਬਠਿੰਡਾ, 27 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਸਾਉਣੀ ਸੀਜ਼ਨ ਦੌਰਾਨ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਰਮੇ ਹੇਠ ਰਕਬਾ ਵਧਾਉਣ ਦੇ ਮਕਸਦ ਨਾਲ ਬਠਿੰਡਾ ਵਿਖੇ ਅੰਤਰ-ਰਾਜ ਕਪਾਹ ਵਿਸਥਾਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਖੇਤੀ ਭਵਨ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ ਵੱਲੋਂ ਕੀਤੀ ਗਈ, ਜਦਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਮੀਟਿੰਗ ਸਫਲਤਾਪੂਰਵਕ ਸੰਪੰਨ ਹੋਈ।
ਇਸ ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਕਪਾਹ ਡਾ. ਕੁਲਵੰਤ ਸਿੰਘ ਦੇ ਨਾਲ ਜ਼ਿਲ੍ਹਾ ਬਠਿੰਡਾ, ਮਾਨਸਾ, ਫਰੀਦਕੋਟ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਮੋਗਾ ਦੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਵੀ ਮੌਜੂਦ ਰਹੇ। ਇਸ ਦੌਰਾਨ ਨਰਮੇ ਹੇਠ ਰਕਬਾ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਗਿਆਨੀਆਂ ਵੱਲੋਂ ਪਿਛਲੇ ਸਾਲਾਂ ਦੌਰਾਨ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲਿਆਂ ਸਬੰਧੀ ਡਾਟਾ ਸਾਂਝਾ ਕਰਦੇ ਹੋਏ ਇਸ ਦੀ ਪ੍ਰਭਾਵਸ਼ਾਲੀ ਰੋਕਥਾਮ ਲਈ ਯੋਜਨਾਬੰਦੀ ਕੀਤੀ ਗਈ, ਤਾਂ ਜੋ ਆਉਣ ਵਾਲੇ ਸੀਜ਼ਨ ਵਿੱਚ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।
ਵਿਗਿਆਨੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਪਈਆਂ ਛਿਟੀਆਂ ਨੂੰ ਚੰਗੀ ਤਰ੍ਹਾਂ ਝਾੜ ਕੇ ਰਹਿੰਦ-ਖੂੰਹਦ ਨੂੰ ਨਸ਼ਟ ਕੀਤਾ ਜਾਵੇ, ਜਿਸ ਨਾਲ ਗੁਲਾਬੀ ਸੁੰਡੀ ਦੇ ਜੀਵਨ ਚੱਕਰ ਨੂੰ ਤੋੜਿਆ ਜਾ ਸਕੇ। ਇਸ ਤੋਂ ਇਲਾਵਾ ਚਿੱਟੀ ਮੱਖੀ ਦੇ ਪੁਨਾਹਗੀਰ ਨਦੀਨਾਂ ਦੀ ਸਫਾਈ 31 ਮਾਰਚ ਤੱਕ ਮੁਕੰਮਲ ਕਰਨ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਸਾਲ 2026-27 ਲਈ ਪ੍ਰਮਾਣਿਤ ਹਾਈਬ੍ਰਿਡ ਅਤੇ ਬੀ.ਟੀ. ਨਰਮੇ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਮਿਆਰੀ ਬੀਜਾਂ ਦੀ ਉਪਲਬਧਤਾ ਅਤੇ ਨਹਿਰੀ ਪਾਣੀ ਦੀ ਸਮੇਂ-ਸਿਰ ਸਪਲਾਈ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ