
ਤਰਨ ਤਾਰਨ, 28 ਮਾਰਚ (ਹਿੰ.ਸ.)। ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਏ ਜਾ ਰਹੇ 'ਮਿਸ਼ਨ ਸਮਰੱਥ 3.0' ਦੇ ਤਹਿਤ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਕੈਰੋਂ (ਤਰਨਤਾਰਨ) ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ/ਐਲੀ) ਸਤਿਨਾਮ ਸਿੰਘ ਬਾਠ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਨੇਪਰੇ ਚੜ੍ਹਿਆ।
ਸਮਾਗਮ ਦੀ ਪ੍ਰਧਾਨਗੀ ਡਾਇਟ ਪ੍ਰਿੰਸੀਪਲ ਮੰਗਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਬਲਜਿੰਦਰ ਸਿੰਘ ਅਤੇ ਪ੍ਰਾਇਮਰੀ ਦੇ ਡੀ.ਆਰ.ਸੀ ਅਨੂਪ ਸਿੰਘ ਮੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਪ੍ਰੋਗਰਾਮ ਦੌਰਾਨ ਅੱਪਰ ਪ੍ਰਾਇਮਰੀ ਬੀ. ਆਰ. ਸੀ ਅਤੇ ਪ੍ਰਾਇਮਰੀ ਬੀ. ਆਰ. ਸੀ ਨੇ ਵੀ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਸਮਾਗਮ ਦਾ ਮੁੱਖ ਉਦੇਸ਼ ਉਨ੍ਹਾਂ 19 ਸਕੂਲਾਂ ਨੂੰ ਸਨਮਾਨਿਤ ਕਰਨਾ ਸੀ, ਜਿਨ੍ਹਾਂ ਨੇ ਮਿਸ਼ਨ ਸਮਰੱਥ 3.0 ਲਈ ਖ਼ੁਦ ਨੂੰ ਸਵੈ-ਨਾਮਜ਼ਦ ਕੀਤਾ ਸੀ ਅਤੇ ਮਿਸ਼ਨ ਦੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਵਿਚ ਮੋਹਰੀ ਭੂਮਿਕਾ ਨਿਭਾਈ। ਇਨ੍ਹਾਂ ਸਕੂਲਾਂ ਵੱਲੋਂ ਬੱਚਿਆਂ ਦੇ ਪੜ੍ਹਨ-ਲਿਖਣ ਅਤੇ ਬੁਨਿਆਦੀ ਸਿੱਖਿਆ ਦੇ ਪੱਧਰ ਵਿਚ ਸੁਧਾਰ ਲਿਆਉਣ ਲਈ ਸ਼ਾਨਦਾਰ ਕੰਮ ਕੀਤਾ ਗਿਆ ਹੈ।
ਇਸ ਮੌਕੇ ਪ੍ਰਿੰਸੀਪਲ ਮੰਗਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੀ.ਈ.ਓ ਸਤਿਨਾਮ ਸਿੰਘ ਬਾਠ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਸਕੂਲਾਂ ਵਿਚ ਮਿਸ਼ਨ ਸਮਰੱਥ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਸਨਮਾਨਿਤ ਹੋਏ ਸਕੂਲਾਂ ਦੇ ਮੁਖੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਅਧਿਆਪਕ ਅਤੇ ਡਾਇਟ ਦਾ ਸਮੂਹ ਸਟਾਫ਼ ਹਾਜ਼ਰ ਸੀ, ਜਿਨ੍ਹਾਂ ਨੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦਾ ਅਹਿਦ ਲਿਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ