
ਚੰਡੀਗੜ੍ਹ, 29 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਬਹੁਚਰਚਿਤ ‘ਸਿਹਤ ਕ੍ਰਾਂਤੀ’ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਹਾਲ ਹੀ ਵਿੱਚ ਸਾਹਮਣੇ ਆਏ ਇੱਕ ਵੀਡੀਓ ਵਿੱਚ ਇੱਕ ਆਮ ਪਰਿਵਾਰ ਦੀ ਪੀੜਾ ਇਹ ਦਿਖਾਉਂਦੀ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਪੰਜਾਬ ਸਰਕਾਰ ਉਨ੍ਹਾਂ ਨੂੰ ਮੁਫ਼ਤ ਇਲਾਜ ਦੇਣ ਵਿੱਚ ਨਾਕਾਮ ਰਹੀ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ।
ਸ਼ਰਮਾ ਨੇ ਕਿਹਾ ਕਿ ਵੱਡੇ-ਵੱਡੇ ਦਾਵਿਆਂ ਅਤੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕਰਨ ਦੇ ਬਾਵਜੂਦ ਜ਼ਮੀਨੀ ਹਕੀਕਤ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਪਰਿਵਾਰ ਕੋਲ ਪੰਜਾਬ ਸਰਕਾਰ ਦਾ ਹੈਲਥ ਇੰਸ਼ੋਰੈਂਸ ਕਾਰਡ ਹੋਣ ਦੇ ਬਾਵਜੂਦ ਮੈਡੀਕਲ ਐਮਰਜੈਂਸੀ ਵਿੱਚ ਉਨ੍ਹਾਂ ਨੂੰ ਕੋਈ ਆਰਥਿਕ ਰਾਹਤ ਨਹੀਂ ਮਿਲੀ। ਇਹ ਕਾਰਡ ਸਿਰਫ਼ ਕਾਗਜ਼ ਦਾ ਟੁਕੜਾ ਸਾਬਤ ਹੋਇਆ, ਜਿਸਨੇ ਭਾਰੀ ਹਸਪਤਾਲ ਬਿੱਲ ਦੇ ਸਾਹਮਣੇ ਇੱਕ ਰੁਪਇਆ ਤੱਕ ਮਦਦ ਨਹੀਂ ਕੀਤੀ।
ਸ਼ਰਮਾ ਨੇ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਅੰਤਰ ਵੀ ਦੱਸਿਆ। ਉਨ੍ਹਾਂ ਕਿਹਾ ਕਿ ਜਿੱਥੇ ਆਯੁਸ਼ਮਾਨ ਭਾਰਤ ਯੋਜਨਾ ਬਿਨਾ ਕਿਸੇ ਭੇਦਭਾਵ ਦੇ ਕਰੋੜਾਂ ਨਾਗਰਿਕਾਂ ਨੂੰ ਮੁਫ਼ਤ ਅਤੇ ਸਹਿਜ ਸਿਹਤ ਸੇਵਾਵਾਂ ਮੁਹੱਈਆ ਕਰਦੀ ਹੈ, ਉੱਥੇ ਪੰਜਾਬ ਦਾ ਮਾਡਲ ਖੋਖਲਾ ਅਤੇ ਭ੍ਰਮਿਤ ਕਰਨ ਵਾਲਾ ਸਾਬਤ ਹੋਇਆ ਹੈ।
ਉਨ੍ਹਾਂ ਨੇ ਰਾਜ ਸਰਕਾਰ ’ਤੇ ਜਨ-ਕਲਿਆਣ ਦੀ ਬਜਾਏ ਰਾਜਨੀਤਿਕ ਪ੍ਰਚਾਰ ਨੂੰ ਤਰਜੀਹ ਦੇਣ ਦਾ ਦੋਸ਼ ਵੀ ਲਗਾਇਆ। ਸ਼ਰਮਾ ਨੇ ਕਿਹਾ ਕਿ ਅਸਲ ਗੱਲ ਇਹ ਹੈ ਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਨਾਲੋਂ ਵੱਧ ਆਪਣੀ ਰਾਜਨੀਤਿਕ ਛਵੀ ਚਮਕਾਉਣ ਵਿੱਚ ਲੱਗੇ ਹੋਏ ਹਨ। ਜਦੋਂ ਨਾਗਰਿਕ ਪਰੇਸ਼ਾਨ ਹੋਣ, ਤਦੋਂ ਸਰਕਾਰ ਸਿਰਫ਼ ਇਸ਼ਤਿਹਾਰਾਂ ਦੇ ਆਸਰੇ ਨਹੀਂ ਚੱਲ ਸਕਦੀ। ਜਵਾਬਦੇਹੀ ਦੀ ਮੰਗ ਕਰਦਿਆਂ ਸ਼ਰਮਾ ਨੇ ਸੁਬਾ ਸਰਕਾਰ ਨੂੰ ਪੁੱਛਿਆ ਕਿ ਅਜਿਹੀਆਂ ਯੋਜਨਾਵਾਂ ਜ਼ਮੀਨੀ ਪੱਧਰ ’ਤੇ ਕਿਉਂ ਫੇਲ ਹੋ ਰਹੀਆਂ ਹਨ ਅਤੇ ਹਰ ਨਾਗਰਿਕ ਨੂੰ ਅਸਲ ਸਿਹਤ ਸਹੂਲਤ ਯਕੀਨੀ ਬਣਾਉਣ ਲਈ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਦੀ ਮੰਗ ਕੀਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ