
ਬਰਨਾਲਾ, 29 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਵਿਚ 107 ਆਮ ਆਦਮੀ ਕਲੀਨਿਕਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ ਹੈ ਜਿਸ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ 3 ਨਵੇਂ ਆਮ ਆਦਮੀ ਕਲੀਨਿਕਾਂ ਕੋਰਟ ਕੰਪਲੈਕਸ ਬਰਨਾਲਾ, ਖੱਟੜ ਪੱਤੀ ਪਾਰਕ, ਤਪਾ ਅਤੇ ਸੀ ਐੱਸ ਸੀ ਭਦੌੜ ਦਾ ਉਦਘਾਟਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਬਰਨਾਲਾ ਵਿੱਚ 14 ਆਮ ਆਦਮੀ ਕਲੀਨਿਕਾਂ/ਆਯੂਸ਼ਮਾਨ ਅਰੋਗਿਆ ਕੇਂਦਰਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ਅਤੇ ਹੁਣ 3 ਨਵੇਂ ਕਲੀਨਿਕ ਖੁੱਲਣ ਨਾਲ ਇਹ ਗਿਣਤੀ 17 ਹੋ ਗਈ ਹੈ। ਇਸ ਤੋਂ ਪਹਿਲਾਂ ਚਿੰਟੂ ਪਾਰਕ ਬਰਨਾਲਾ, ਹੰਡਿਆਇਆ, ਭਦੌੜ, ਉੱਗੋਕੇ, ਚੁਹਾਨਕੇ ਖੁਰਦ, ਭੈਣੀ ਫੱਤਾ, ਭੱਠਲਾਂ, ਗਹਿਲਾਂ, ਰੂੜੇਕੇ ਕਲਾਂ, ਹਮੀਦੀ, ਢਿਲਵਾਂ, ਸਹਿਣਾ, ਛਾਪਾ, ਠੀਕਰੀਵਾਲ ਵਿੱਚ ਚੱਲ ਰਹੇ ਹਨ। ਇਹ ਕਲੀਨਿਕ ਸ਼ੁਰੂ ਹੋਣ ਤੋਂ ਫਰਵਰੀ ਅੰਤ ਤੱਕ ਕਰੀਬ 6,52,296 ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ, ਜਦਕਿ 4,25,609 ਨੂੰ ਮੁਫ਼ਤ ਟੈਸਟਾਂ ਦੀ ਸਹੂਲਤ ਦਿੱਤੀ ਗਈ ਹੈ।
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਸਿਹਤ, ਸਿੱਖਿਆ ਸਮੇਤ ਵਿਕਾਸ ਪ੍ਰੋਜੈਕਟਾਂ 'ਤੇ ਕਰੋੜਾਂ ਦੇ ਫੰਡ ਖਰਚੇ ਗਏ ਹਨ, ਓਥੇ ਸਰਕਾਰ ਨੇ ਪਹਿਲੇ ਚਾਰ ਸਾਲਾਂ ਵਿਚ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੀ ਸਕੀਮ, ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ, 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਬੁਨਿਆਦੀ ਢਾਂਚੇ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸੂਬੇ ਵਿਚ 3100 ਨਵੇਂ ਖੇਡ ਮੈਦਾਨ ਬਣਾਏ ਜਾ ਰਹੇ ਹਨ। ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ