
ਅੰਮ੍ਰਿਤਸਰ, 30 ਮਾਰਚ (ਹਿੰ.ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰਾਂ ’ਤੇ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ’ਤੇ ਜ਼ਬਰੀ ਕਬਜ਼ਾ ਕਰਨ ਆਏ ਬਲਜੀਤ ਸਿੰਘ ਦਾਦੂਵਾਲ ਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ ’ਤੇ ਪਰਚਾ ਦਰਜ ਕਰਕੇ ਦੋਸ਼ੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਇੰਝ ਲਗਦਾ ਹੈ ਕਿ ਸਰਕਾਰਾਂ ਅਜਿਹੇ ਲੋਕਾਂ ਦੀ ਧੱਕੇਸ਼ਾਹੀ ਰੋਕਣ ਦੀ ਥਾਂ ਮੂਕ ਸਹਿਮਤੀ ਦੇ ਰਹੀਆਂ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਹਰਿਆਣਾ ਦੇ ਲੋਕਾਂ ਦੀ ਸਹੂਲਤ ਲਈ ਕਾਰਜਸ਼ੀਲ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਸਹਾਇਤਾ ਲਈ ਹਰ ਸਾਲ ਕਰੋੜਾਂ ਰੁਪਏ ਦਿੰਦੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ’ਤੇ ਕੀਤੀ ਐਫ. ਆਈ. ਆਰ ਤੁਰੰਤ ਰੱਦ ਕੀਤੀ ਜਾਵੇ ਅਤੇ ਜ਼ਬਰੀ ਕਬਜ਼ਾ ਕਰਨ ਦੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ