

ਸਨੌਰ (ਪਟਿਆਲਾ), 30 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ 'ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ।
ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਮੇਂ ਦੇ ਮਿਸਾਲੀ ਬਦਲਾਅ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਥੋੜੇ ਹੀ ਦਿਨਾਂ ਵਿੱਚ ਸੜਕਾਂ ਦੀ ਹਾਲਤ ਖਸਤਾ ਹੋ ਜਾਦੀ ਸੀ ਪਰ ਪੰਜਾਬ ਸਰਕਾਰ ਵੱਲੋਂ ਠੇਕੇਦਾਰਾਂ ਲਈ ਸੜਕਾਂ ਦੇ ਪੰਜ ਸਾਲਾਂ ਦੇ ਲਾਜ਼ਮੀ ਰੱਖ-ਰਖਾਅ ਸਬੰਧੀ ਧਾਰਾ ਲਾਗੂ ਕੀਤੀ ਗਈ ਹੈ ਜਿਸ ਨਾਲ ਜਵਾਬਦੇਹੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਨਾ ਸਿਰਫ਼ ਸਿੰਚਾਈ ਅਧੀਨ ਰਕਬਾ ਪਹਿਲਾਂ 21,050 ਏਕੜ ਤੋਂ ਵਧਾ ਦਿੱਤਾ ਹੈ, ਸਗੋਂ ਕਾਨੂੰਨੀ ਲੜਾਈ ਰਾਹੀਂ ਹਰਿਆਣਾ ਨੂੰ ਦਿੱਤੇ ਜਾਂਦੇ ਭਾਖੜਾ ਨਹਿਰ ਦੇ ਪਾਣੀ ਦਾ ਪੰਜਾਬ ਦਾ 25 ਫੀਸਦ ਹਿੱਸਾ ਵੀ ਪ੍ਰਾਪਤ ਕੀਤਾ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਨੌਰ ਹਲਕੇ ਵਿੱਚ 49.60 ਕਰੋੜ ਰੁਪਏ ਦੀ ਲਾਗਤ ਨਾਲ ਕਈ ਨਵੀਆਂ ਲਿੰਕ ਸੜਕਾਂ ਬਣਾਈਆਂ ਜਾਣਗੀਆਂ ਅਤੇ ਕੁਝ ਮੌਜੂਦਾ ਸੜਕਾਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਲੋਕ ਜਲਦ ਹੀ ਆਪਣੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਵਿੱਚ ਪ੍ਰਤੱਖ ਬਦਲਾਅ ਦੇਖਣਗੇ। ਮੁੱਖ ਪਟਿਆਲਾ-ਪਿਹੋਵਾ ਸੜਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਦਿੱਲੀ ਜਾਣ ਵਾਲੀ ਆਵਾਜਾਈ ਨੂੰ ਆਸਾਨ ਬਣਾਉਣ ਲਈ ਜਲਦ ਹੀ ਇਸ ਨੂੰ ਚਾਰ-ਮਾਰਗੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸ ਦਾ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਹ ਸਾਰੀਆਂ ਸੜਕਾਂ ਪੰਜ ਸਾਲਾਂ ਦੇ ਰੱਖ-ਰਖਾਅ ਦੀ ਧਾਰਾ ਅਧੀਨ ਬਣਾਈਆਂ ਜਾਣਗੀਆਂ ਜਿਸ ਨਾਲ ਵਿਸ਼ਵ ਪੱਧਰੀ ਸੜਕ ਸੁਰੱਖਿਆ ਦੇ ਨਾਲ-ਨਾਲ ਉੱਚ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣਾ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਹੋਵੇਗਾ।
ਪਾਣੀ ਦੀ ਸੰਭਾਲ ਅਤੇ ਸਿੰਚਾਈ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਰਾਖੇ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਕਦੇ ਵੀ ਪਾਣੀ ਦੀ ਸੰਭਾਲ ਵੱਲ ਧਿਆਨ ਨਹੀਂ ਦਿੱਤਾ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਹਰ ਬੂੰਦ ਦੀ ਬੱਚਤ ਵੱਲ ਵਿਸ਼ੇਸ਼ ਧਿਆਨ ਦਿੱਤਾ ਰਿਹਾ ਹੈ। ਸੂਬੇ ਵਿੱਚ 6900 ਕਿਲੋਮੀਟਰ ਲੰਬੇ 18349 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ ਤਾਂ ਜੋ ਸੂਬੇ ਦੇ ਦੂਰ-ਦਰਾਡੇ ਦੇ ਹਿੱਸਿਆਂ ਵਿੱਚ ਪਾਣੀ ਮੁਹੱਈਆ ਕਰਵਾਇਆ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ। ਸਾਡੀ ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6500 ਕਰੋੜ ਰੁਪਏ ਖਰਚ ਕੀਤੇ ਹਨ ਤਾਂ ਜੋ ਸੂਬੇ ਦੇ ਹਰ ਖੇਤਰ ਤੱਕ ਪਾਣੀ ਪਹੁੰਚ ਸਕੇ, ਅਤੇ ਪਹਿਲੀ ਵਾਰ ਸੂਬੇ ਦੇ 1444 ਪਿੰਡਾਂ ਨੂੰ ਨਹਿਰੀ ਪਾਣੀ ਮਿਲਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਮੰਚ ‘ਤੇ ਖੜ੍ਹ ਕੇ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ, ਜਦੋਂ ਕਿ ਦੂਜੀਆਂ ਪਾਰਟੀਆਂ ਸਿਰਫ ਸੱਤਾ ਹਥਿਆਉਣ 'ਤੇ ਆਪਣਾ ਧਿਆਨ ਕੇਂਦਰਤ ਕਰ ਕੇ ਚੱਲ ਰਹੀਆਂ ਹਨ। ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਨਿਰਾਸ਼ਾ ਦੇ ਆਲਮ ਵਿੱਚ ਲੰਘ ਰਹੇ ਹਨ ਅਤੇ ਲੋਕ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ ਕਿਉਂਕਿ ਉਨ੍ਹਾਂ ਦਾ ਏਜੰਡਾ ਲੋਕਾਂ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਦਾ ਇੱਕੋ ਇੱਕ ਏਜੰਡਾ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਵਿੱਚ ਵੰਡੀਆਂ ਪਾਉਣ ਤੋਂ ਸਿਵਾਏ ਹੋਰ ਕੁਝ ਨਹੀਂ ਹੁੰਦਾ।
ਰਵਾਇਤੀ ਰਾਜਨੀਤਿਕ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਉਹ ਈਰਖਾ ਕਰਦੇ ਹਨ ਕਿਉਂਕਿ ਉਹ ਇਹ ਸਵੀਕਾਰ ਨਹੀਂ ਕਰ ਪਾ ਰਹੇ ਕਿ ਇੱਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਪੰਜਾਬ ਨੂੰ ਇੰਨੇ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸ਼ਾਸਕ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਬਜਾਏ ਆਪਣੇ ਪਰਿਵਾਰਾਂ ਬਾਰੇ ਸੋਚਦੇ ਰਹੇ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ।
ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਜਲ ਸਰੋਤ ਵਿਭਾਗ ਦੇ ਮੰਤਰੀ ਬਰਿੰਦਰ ਗੋਇਲ, ਆਪ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ, ਹਲਕਾ ਸਨੌਰ ਦੇ ਇੰਚਾਰਜ ਅਤੇ ਅੱਜ ਦੇ ਸਮਾਗਮ ਦੇ ਮੁੱਖ ਪ੍ਰਬੰਧਕ ਰਣਜੋਧ ਸਿੰਘ ਹਡਾਣਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜ਼ਗੀਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੂਬਾ ਸਕੱਤਰ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਨਗਰ ਕੌਂਸਲ ਸਨੌਰ ਦੇ ਵਾਈਸ ਪ੍ਰਧਾਨ ਪਰਦੀਪ ਜੋਸਨ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ.ਐਸ.ਪੀ. ਵਰੁਣ ਸ਼ਰਮਾ, ਏ.ਡੀ.ਸੀ. ਦਮਨਜੀਤ ਸਿੰਘ ਮਾਨ, ਐਸ.ਡੀ.ਐਮ ਹਰਜੋਤ ਕੌਰ ਮਾਵੀ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ