
ਸੰਗਰੂਰ, 31 ਮਾਰਚ (ਹਿੰ.ਸ.)|
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ।
ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਜੋ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡੇ ਪਲਾਂਟ ਸਥਾਪਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਤੋਂ ਸਪੱਸ਼ਟ ਹੁੰਦਾ ਹੈ।
ਸੰਗਰੂਰ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਆਖਰੀ ਵਾਰ ਵਜੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦਾ ਸਮਾਜਿਕ ਬਾਈਕਾਟ ਕਰਨਾ ਜ਼ਰੂਰੀ ਹੈ।” ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਉਨ੍ਹਾਂ ਨਾਲ ਬਿਲਕੁਲ ਵੀ ਨਰਮੀ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਕਿਹਾ, “ਅਜਿਹੇ ਤੱਤਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਅਤੇ ਇਹਨਾਂ ਦਾ ਸਮਾਜਿਕ ਬਾਈਕਾਟ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾਏਗਾ।
ਸੜਕ ਸੁਰੱਖਿਆ ਵਿੱਚ ਕੀਤੇ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਹਾਈਵੇਅ 'ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰਖੀਆ ਫੋਰਸ ਸ਼ੁਰੂ ਕੀਤੀ ਹੈ।” ਉਨ੍ਹਾਂ ਕਿਹਾ, “1,597 ਸਿਖਲਾਈ ਪ੍ਰਾਪਤ ਕਰਮਚਾਰੀਆਂ ਅਤੇ 144 ਆਧੁਨਿਕ ਵਾਹਨਾਂ ਦੇ ਨਾਲ ਇਸ ਫੋਰਸ ਨੇ ਆਪਣੀ ਸ਼ੁਰੂਆਤ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦ ਦੀ ਕਮੀ ਲਿਆਂਦੀ ਹੈ।” ਉਨ੍ਹਾਂ ਕਿਹਾ, “4,200 ਕਿਲੋਮੀਟਰ ਦੁਰਘਟਨਾ-ਪ੍ਰਭਾਵਿਤ ਹਾਈਵੇਅ 'ਤੇ ਤਾਇਨਾਤ, ਇਹ ਫੋਰਸ ਨਾ ਸਿਰਫ਼ ਗਸ਼ਤ ਕਰਦੀ ਹੈ ਬਲਕਿ ਉਲੰਘਣਾਵਾਂ ਵਿਰੁੱਧ ਰੋਕਥਾਮ ਵਜੋਂ ਵੀ ਕੰਮ ਕਰਦੀ ਹੈ। ਇਸ ਪਹਿਲ ਦੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸ਼ਲਾਘਾ ਕੀਤੀ ਹੈ।”
ਪੁਲਿਸ ਦੇ ਆਧੁਨਿਕੀਕਰਨ ਬਾਰੇ ਗੱਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ, ਐਮਰਜੈਂਸੀ ਰਿਸਪਾਂਸ ਵਾਹਨ ਪਹਿਲਕਦਮੀ ਤਹਿਤ 508 ਨਵੀਆਂ ਬੋਲੇਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾ ਰਿਹਾ ਹੈ ਅਤੇ ਡਾਇਲ-112 ਤਹਿਤ ਜਨਤਕ ਸੇਵਾ ਲਈ ਸਮਰਪਿਤ ਹਨ।” ਉਨ੍ਹਾਂ ਕਿਹਾ, “ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ ਜੋ ਨਾਗਰਿਕਾਂ ਨੂੰ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ।”
ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਡਾਇਲ-112 ਫਲੀਟ ਵਿੱਚ ਵਾਹਨਾਂ ਦੀ ਗਿਣਤੀ ਵਧ ਕੇ 764 ਹੋ ਗਈ ਹਨ, ਜੋ ਸਾਰੇ ਜੀਪੀਐਸ ਟਰੈਕਰਸ, ਡੈਸ਼ ਕੈਮਰੇ ਅਤੇ ਮੋਬਾਈਲ ਡਾਟਾ ਸਿਸਟਮ ਸਮੇਤ ਅਤਿ-ਆਧੁਨਿਕ ਤਕਨਾਲੋਜੀਆਂ ਨਾਲ ਲੈਸ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH