
ਪਟਿਆਲਾ, 31 ਮਾਰਚ (ਹਿੰ.ਸ.)। ਪੰਜਾਬੀ ਯੂਨੀਵਰਸਿਟੀ ਵਿਖੇ 12ਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਉਤਸ਼ਾਹ ਨਾਲ ਸ਼ੁਰੂ ਹੋ ਗਿਆ। ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਅਤੇ ਪੰਜਾਬੀ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਸ ਮੇਲੇ ਦਾ ਰਸਮੀ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੁਸਤਕ ਮੇਲਾ ਕੇਵਲ ਕਿਤਾਬਾਂ ਦੀ ਪ੍ਰਦਰਸ਼ਨੀ ਨਹੀਂ ਹੁੰਦਾ, ਸਗੋਂ ਪਾਠਕਾਂ ਅਤੇ ਗਿਆਨ ਦੇ ਭੰਡਾਰ ਵਿਚਕਾਰ ਇੱਕ ਜੀਵੰਤ ਰਿਸ਼ਤਾ ਕਾਇਮ ਕਰਨ ਦਾ ਸਬੱਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਯੁੱਗ ਦੇ ਬਾਵਜੂਦ ਕਿਤਾਬਾਂ ਦੇ ਪ੍ਰਤੱਖ ਹਾਰਡ ਕਾਪੀ ਰੂਪ ਦੀ ਆਪਣੀ ਇੱਕ ਵਿਸ਼ੇਸ਼ ਮਹੱਤਤਾ ਹੈ, ਜੋ ਵਿਦਿਆਰਥੀਆਂ ਅਤੇ ਖੋਜਾਰਥੀਆਂ ਵਿੱਚ ਡੂੰਘੀ ਪੜ੍ਹਨ-ਰੁਚੀ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਮਨੋਰਥ ਹੈ ਅਤੇ ਇਹ ਮੇਲਾ ਉਸੇ ਦਿਸ਼ਾ ਵਿੱਚ ਇੱਕ ਸਾਰਥਕ ਕਦਮ ਹੈ।
ਇਸ ਵਿਸ਼ਾਲ ਸਮਾਗਮ ਦਾ ਆਰੰਭ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਵੱਲੋਂ ਗੁਰਬਾਣੀ ਕੀਰਤਨ ਨਾਲ ਹੋਇਆ। ਉਦਘਾਟਨੀ ਸਮਾਰੋਹ ਵਿੱਚ ਪ੍ਰਸਿੱਧ ਲੇਖਕ ਤੇ ਅਨੁਵਾਦਕ ਜੰਗ ਬਹਾਦਰ ਗੋਇਲ ਵੱਲੋਂ ਮੁੱਖ ਭਾਸ਼ਣ ਦਿੱਤਾ ਗਿਆ। ਇਸ ਮੌਕੇ ਸਾਹਿਤ ਅਕਾਦਮੀ ਐਵਾਰਡੀ ਪ੍ਰੋ. ਵਰਿਆਮ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਅਤੇ ਡਾ. ਰਘਬੀਰ ਸਿੰਘ ਸਿਰਜਣਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਜੰਗ ਬਹਾਦਰ ਗੋਇਲ ਨੇ ਕਿਹਾ ਕਿ ਪੁਸਤਕ ਮੇਲੇ ਵਿਸ਼ਵ ਸਾਹਿਤ ਦੇ ਝਰੋਖੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿਤਾਬਾਂ ਪੜ੍ਹਨਾ ਕੇਵਲ ਸ਼ੌਕ ਨਹੀਂ, ਸਗੋਂ ਜੀਵਨ ਜਿਊਣ ਦੀ ਇੱਕ ਤਹਿਜ਼ੀਬ ਹੈ।
ਪ੍ਰੋ. ਵਰਿਆਮ ਸਿੰਘ ਸੰਧੂ ਨੇ ਕਿਹਾ ਕਿ ਮੇਲੇ ਕੇਵਲ ਭੀੜ ਦਾ ਨਾਂ ਨਹੀਂ ਹੁੰਦੇ, ਸਗੋਂ ਵਿਚਾਰਾਂ ਦੇ ਸਾਂਝੇ ਵਿਹੜੇ ਹੁੰਦੇ ਹਨ। ਇਸ ਪੁਸਤਕ ਮੇਲੇ ਦਾ ਆਯੋਜਨ ਇਸ ਗੱਲ ਦਾ ਪ੍ਰਮਾਣ ਹੈ ਕਿ ਸਾਡੀ ਨਵੀਂ ਪੀੜ੍ਹੀ ਅੰਦਰ ਅਜੇ ਵੀ ਪੜ੍ਹਨ ਦੀ ਚੇਟਕ ਜਿਉਂਦੀ ਹੈ। ਡਾ. ਰਘਬੀਰ ਸਿੰਘ ਸਿਰਜਣਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਪੁਸਤਕ ਸੱਭਿਆਚਾਰ ਨੂੰ ਬਚਾਉਣਾ ਇੱਕ ਵੱਡੀ ਚੁਣੌਤੀ ਹੈ। ਪੰਜਾਬੀ ਯੂਨੀਵਰਸਿਟੀ ਵੱਲੋਂ ਏਡੀ ਵੱਡੀ ਗਿਣਤੀ ਵਿੱਚ ਪ੍ਰਕਾਸ਼ਕਾਂ ਨੂੰ ਇਕੱਠਾ ਕਰਨਾ ਇੱਕ ਸੁਖਦ ਅਹਿਸਾਸ ਹੈ।
ਇਸ ਮੌਕੇ ਸਰਦਾਰ ਪੰਛੀ, ਓਮ ਪ੍ਰਕਾਸ਼ ਗਾਸੋ, ਕਿਰਪਾਲ ਸਿੰਘ ਪੰਨੂੰ, ਕਾਨਾ ਸਿੰਘ ਅਤੇ ਡਾ. ਕਮਲੇਸ਼ ਉੱਪਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੇਲੇ ਵਿੱਚ ਕੁੱਲ 111 ਸਟਾਲ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 89 ਸਟਾਲ ਵਿਸ਼ੇਸ਼ ਤੌਰ 'ਤੇ ਪੁਸਤਕਾਂ ਲਈ ਹਨ। ਬਾਕੀ ਸਟਾਲਾਂ ਵਿੱਚ ਖਾਣ-ਪੀਣ ਅਤੇ ਹੋਰ ਵੰਨਗੀਆਂ ਸ਼ਾਮਲ ਹਨ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਨਾਮਵਰ ਪ੍ਰਕਾਸ਼ਕ ਅਤੇ ਪੁਸਤਕ ਵਿਕਰੇਤਾ ਇਸ ਮੇਲੇ ਵਿੱਚ ਹਿੱਸਾ ਲੈ ਰਹੇ ਹਨ। ਵਰਣਨਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਆਪਣੇ ਪਬਲੀਕੇਸ਼ਨ ਬਿਊਰੋ ਵੱਲੋਂ 4 ਸਟਾਲ ਲਗਾਏ ਗਏ ਹਨ, ਜਿੱਥੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਦੀਆਂ 800 ਤੋਂ ਵੱਧ ਕਿਤਾਬਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ।
ਮੇਲੇ ਦੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਸਟਾਲਾਂ ਤੋਂ ਆਪਣੀ ਪਸੰਦ ਦੀਆਂ ਪੁਸਤਕਾਂ ਖਰੀਦੀਆਂ। ਇਹ ਸਮਾਗਮ ਯੂਨੀਵਰਸਿਟੀ ਦੇ ਭਾਸ਼ਾਵਾਂ ਨਾਲ ਸੰਬੰਧਤ ਅਤੇ ਹੋਰ ਵਿਭਾਗਾਂ ਤੋਂ ਇਲਾਵਾ ਵੇਰਕਾ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ (ਰਜਿ.) ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਤਸਵ ਦੇ ਸਾਰੇ ਦਿਨ ਵੱਖ-ਵੱਖ ਅਕਾਦਮਿਕ ਸੈਸ਼ਨਾਂ ਵਿੱਚ ਮਾਹਿਰ ਵਿਦਵਾਨ ਭਾਗ ਲੈਣਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ