‘ਆਪ’ ਸਰਕਾਰ ਵਿਗੜੀ ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਨੂੰ ਕਾਬੂ ਕਰਨ ’ਚ ਨਾਕਾਮ : ਕੁਲਜੀਤ ਨਾਗਰਾ
ਸਰਹਿੰਦ, 31 ਮਾਰਚ (ਹਿੰ.ਸ.)। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਬਰਕਤਪੁਰ ਵਿਖੇ ਕਾਂਗਰਸੀ ਆਗੂਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਵਧਦੇ ਭ੍ਰਿਸ਼ਟਾਚਾਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ''ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ
ਪਿੰਡ ਬਰਕਤਪੁਰ ਵਿਖੇ ਕਾਂਗਰਸੀ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਕੁਲਜੀਤ ਨਾਗਰਾ


ਸਰਹਿੰਦ, 31 ਮਾਰਚ (ਹਿੰ.ਸ.)। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਬਰਕਤਪੁਰ ਵਿਖੇ ਕਾਂਗਰਸੀ ਆਗੂਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਵਧਦੇ ਭ੍ਰਿਸ਼ਟਾਚਾਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਹਰ ਪਾਸੇ ਹਫੜਾ ਦਫੜੀ ਦਾ ਮਾਹੌਲ ਬਣਿਆ ਹੋਇਆ ਹੈ।

ਸਾਬਕਾ ਵਿਧਾਇਕ ਨਾਗਰਾ ਨੇ ਦੋਸ਼ ਲਗਾਇਆ ਕਿ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਬਜਾਏ ਉਸਨੂੰ ਹੋਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਦੀ ਹਾਲਤ ਇਹ ਹੈ ਕਿ ਲੁੱਟਖੋਹ, ਚੋਰੀਆਂ ਅਤੇ ਹੋਰ ਅਪਰਾਧਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਸਰਕਾਰ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।

ਨਾਗਰਾ ਨੇ ਕਿਹਾ ਕਿ ਲੋਕਾਂ ਨੇ ਬਦਲਾਅ ਦੀ ਆਸ ਨਾਲ ਆਪ ਸਰਕਾਰ ਨੂੰ ਚੁਣਿਆ ਸੀ, ਪਰ ਹੁਣ ਉਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਨੌਜਵਾਨ ਵਰਗ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ, ਪਰ ਸਰਕਾਰ ਵੱਲੋਂ ਕੋਈ ਢੰਗ ਦੀ ਨੀਤੀ ਨਹੀਂ ਬਣਾਈ ਗਈ। ਕਿਸਾਨ ਵਰਗ ਵੀ ਸੰਕਟ ਵਿੱਚ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ਕੋਈ ਤਿਆਰ ਨਹੀਂ।

ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਵਿੱਚ ਵੀ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੱਚਾਈ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨਾਕਾਮ ਸਰਕਾਰ ਨੂੰ ਕਰਾਰਾ ਜਵਾਬ ਦੇਣ ਲਈ ਤਿਆਰ ਹਨ। ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕਮਾਤਰ ਵਿਕਲਪ ਹੈ ਜੋ ਸੂਬੇ ਨੂੰ ਦੁਬਾਰਾ ਤਰੱਕੀ ਦੇ ਰਾਹ 'ਤੇ ਲਿਆ ਸਕਦੀ ਹੈ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿੱਚ ਜਾ ਕੇ ਸਰਕਾਰ ਦੀ ਨਾਕਾਮੀਆਂ ਨੂੰ ਉਜਾਗਰ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮੰਡਲ ਪ੍ਰਧਾਨ ਧਰਮਿੰਦਰ ਸਿੰਘ ਨਬੀਪੁਰ, ਸਾਬਕਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਨੋਨੀ, ਇੰਦਰਜੀਤ ਸਿੰਘ ਬੀਬੀਪੁਰ, ਤਖਵਿੰਦਰ ਸਿੰਘ, ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande