ਰਲਵੀਂ ਖੇਤੀ ਨਾਲ ਖੁਸ਼ਹਾਲੀ ਵੱਲ ਵਧ ਰਿਹੈ ਪੰਜਾਬ ਦਾ ਕਿਸਾਨ : ਡਾ. ਤੇਜਬੀਰ ਭੰਗੂ
ਖਡੂਰ ਸਾਹਿਬ, 06 ਮਾਰਚ (ਹਿੰ.ਸ.)। ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਰਲਵੀਂ ਖੇਤੀ ਪ੍ਰਤੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ.
ਖੇਤਾਂ ਦਾ ਨਿਰੀਖਣ ਕਰਨ ਸਮੇਂ ਵਿਭਾਗ ਦੇ ਅਧਿਕਾਰੀ ਅਤੇ ਕਿਸਾਨ


ਖਡੂਰ ਸਾਹਿਬ, 06 ਮਾਰਚ (ਹਿੰ.ਸ.)। ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਰਲਵੀਂ ਖੇਤੀ ਪ੍ਰਤੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਖਡੂਰ ਸਾਹਿਬ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਪਿੰਡ ਨਾਗੋਕੇ ਦੇ ਕਿਸਾਨ ਗੁਰਮੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ।

ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਰਲਵੀਂ ਖੇਤੀ ਵਿਚ ਫ਼ਸਲਾਂ ਦੀ ਕਾਸ਼ਤ ਦੇ ਨਾਲ-ਨਾਲ ਡੇਅਰੀ, ਮੁਰਗੀ ਪਾਲਣ, ਮੱਛੀ ਪਾਲਣ, ਬੱਕਰੀ ਪਾਲਣ ਅਤੇ ਬਾਗਬਾਨੀ ਵਰਗੇ ਕੰਮ ਸ਼ਾਮਲ ਕੀਤੇ ਜਾਂਦੇ ਹਨ। ਇਸ ਤਰੀਕੇ ਨਾਲ ਕਿਸਾਨ ਸਿਰਫ਼ ਇਕ ਹੀ ਫ਼ਸਲ ਉੱਤੇ ਨਿਰਭਰ ਨਹੀਂ ਰਹਿੰਦਾ, ਸਗੋਂ ਵੱਖ-ਵੱਖ ਸਰੋਤਾਂ ਤੋਂ ਆਮਦਨ ਪ੍ਰਾਪਤ ਕਰਦਾ ਹੈ। ਇਸ ਨਾਲ ਖ਼ਤਰੇ ਦੀ ਸੰਭਾਵਨਾ ਘੱਟ ਜਾਂਦੀ ਹੈ ਅਤੇ ਕਿਸਾਨ ਦੀ ਆਰਥਿਕ ਹਾਲਤ ਮਜ਼ਬੂਤ ਹੁੰਦੀ ਹੈ।

ਕਿਸਾਨ ਗੁਰਮੀਤ ਸਿੰਘ ਨੇ ਆਪਣੇ ਖੇਤਾਂ ਵਿਚ ਕਣਕ ਦੀ ਫਸਲ ਦੇ ਨਾਲ ਸਰ੍ਹੋਂ, ਲਸਣ, ਪਿਆਜ਼, ਫੁੱਲ ਗੋਭੀ, ਬੰਦ ਗੋਭੀ ਬਰੋਕਲੀ ਆਦਿ ਸਬਜ਼ੀਆਂ ਉਗਾਈਆਂ ਹਨ ਅਤੇ ਉਨ੍ਹਾਂ ਨੇ ਤਿੰਨ-ਚਾਰ ਪਸ਼ੂ ਵੀ ਰੱਖੇ ਹੋਏ ਹਨ । ਗੁਰਮੀਤ ਸਿੰਘ ਇਕ ਮੱਧ ਵਰਗੀ ਕਿਸਾਨ ਹੈ ਅਤੇ ਉਹ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਾ ਰਿਹਾ ।

ਰਲਵੀਂ ਖੇਤੀ ਦਾ ਇਕ ਹੋਰ ਵੱਡਾ ਫਾਇਦਾ ਇਹ ਹੈ ਕਿ ਇਸ ਨਾਲ ਖੇਤ ਦੀ ਮਿੱਟੀ ਦੀ ਸਿਹਤ ਵਿਚ ਸੁਧਾਰ ਆਉਂਦਾ ਹੈ। ਪਸ਼ੂਆਂ ਤੋਂ ਮਿਲਣ ਵਾਲੀ ਗੋਬਰ ਖਾਦ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਂਦੀ ਹੈ ਅਤੇ ਰਸਾਇਣਕ ਖਾਦਾਂ ਦੀ ਲੋੜ ਘਟਾਉਂਦੀ ਹੈ। ਇਸ ਤੋਂ ਇਲਾਵਾ ਫ਼ਸਲਾਂ ਦੇ ਬਚੇ ਹੋਏ ਅਵਸ਼ੇਸ਼ ਪਸ਼ੂਆਂ ਦੇ ਚਾਰੇ ਵਜੋਂ ਵਰਤੇ ਜਾ ਸਕਦੇ ਹਨ, ਜਿਸ ਨਾਲ ਖ਼ਰਚੇ ਘਟਦੇ ਹਨ ਅਤੇ ਖੇਤੀ ਹੋਰ ਟਿਕਾਊ ਬਣਦੀ ਹੈ।

ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਕਿਸਾਨ ਰਵਾਇਤੀ ਖੇਤੀ ਦੇ ਨਾਲ ਨਵੇਂ ਤਰੀਕਿਆਂ ਨੂੰ ਅਪਣਾਏ। ਜੇ ਰਲਵੀਂ ਖੇਤੀ ਨੂੰ ਵੱਡੇ ਪੱਧਰ 'ਤੇ ਅਪਣਾਇਆ ਜਾਵੇ ਤਾਂ ਇਹ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾਏਗੀ, ਸਗੋਂ ਖੇਤੀ ਨੂੰ ਵੀ ਮਜ਼ਬੂਤ ਅਤੇ ਟਿਕਾਊ ਬਣਾਏਗੀ। ਇਸ ਤਰ੍ਹਾਂ ਰਲਵੀਂ ਖੇਤੀ ਪੰਜਾਬ ਦੇ ਕਿਸਾਨਾਂ ਨੂੰ ਖੁਸ਼ਹਾਲੀ ਵੱਲ ਲਿਜਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ, ਗੁਰਮੀਤ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande