
ਫਾਜਿਲਕਾ, 07 ਮਾਰਚ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਅਪ੍ਰੈਲ 2026 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੁਕਮਾਂ ਵਿਚ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆ ਦੀ ਸਰੁੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਬੰਧਤ ਵਿਭਾਗ ਦੇ ਜ਼ਿਲ੍ਹਾ ਮੁੱਖੀ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ।
ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਅਕਸਰ ਹੀ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਅਣਅਧਿਕਾਰਤ ਤੌਰ ’ਤੇ ਪਾਣੀ ਦੀਆਂ ਟੈਂਕੀਆਂ ਜਾਂ ਵੱਖ-ਵੱਖ ਸਰਕਾਰੀ ਇਮਾਰਤਾਂ ਤੇ ਚੜ੍ਹ ਕੇ ਆਪਣੇ ਆਪ ਨੂੰ ਜਾ ਆਮ ਪਬਲਿਕ/ਆਮ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਤੋਂ ਇਲਾਵਾ ਸ਼ਰਾਰਤੀ ਅਨਸਰਾ ਵੱਲੋਂ ਟੈਂਕੀਆ ਤੇ ਚੜ੍ਹ ਕੇ ਪੀਣ ਵਾਲੇ ਪਾਣੀ ਵਿੱਚ ਕੋਈ ਜ਼ਹਿਰੀਲੀ/ਖਤਰਨਾਕ ਵਸਤੂ ਸੁੱਟ ਕੇ ਆਮ ਪਬਲਿਕ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਜ਼ਰੂਰ ਕਰਵਾਉਣ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ