
ਚੰਡੀਗੜ੍ਹ, 09 ਮਾਰਚ (ਹਿੰ.ਸ.)। ਪੰਜਾਬ ਸਟੂਡੈਂਟਸ ਯੂਨੀਅਨ ਨੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਯੂਨੀਅਨ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਦਰਸ਼ਨ 'ਤੇ ਆਯੋਜਿਤ ਕੀਤੇ ਗਏ ਸੈਮੀਨਾਰ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਇੱਕ ਨੇਤਾ ਇਕਬਾਲ ਸਿੰਘ ਲਾਲਪੁਰਾ ਨੂੰ ਮੁੱਖ ਬੁਲਾਰੇ ਵਜੋਂ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸੀਨੀਅਰ ਕਾਰਜਕਾਰੀ ਨੁਮਾਇੰਦੇ ਬਨਵੀਰ ਸਿੰਘ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ। ਇਸਦੇ ਵਿਰੋਧ ਵਿੱਚ ਵਿਦਿਆਰਥੀ ਜਥੇਬੰਦੀਆਂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਪ੍ਰੰਤੂ ਯੂਨੀਵਰਸਿਟੀ ਪ੍ਰਸ਼ਾਸਨ ਦੀ ਸ਼ਹਿ 'ਤੇ ਚੰਡੀਗੜ੍ਹ ਪੁਲਿਸ ਵੱਲੋਂ ਵਿਦਿਆਰਥੀਆਂ ਦੇ ਸ਼ਾਂਤਮਈ ਅੰਦੋਲਨ ਨੂੰ ਦਬਾਉਣ ਲਈ ਬਲ ਪ੍ਰਯੋਗ ਕੀਤਾ, ਪੱਗਾਂ ਲਾਹੀਆਂ, ਵਿਦਿਆਰਥੀਆਂ ਨਾਲ ਕੁੱਟ ਮਾਰ ਕੀਤੀ ਅਤੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਪੰਜਾਬ ਸਟੂਡੈਂਟਸ ਯੂਨੀਅਨ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਿਸ ਦੀ ਇਸ ਘਟੀਆ ਕਰਤੂਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਸਾਰੇ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦੀ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਇੱਕ ਖਾਸ ਵਿਚਾਰਧਾਰਕ ਏਜੰਡੇ ਨੂੰ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ