
ਪਟਿਆਲਾ, 09 ਮਾਰਚ (ਹਿੰ.ਸ.)। ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੈਂਟਰਲ ਪਬਲਿਕ ਲਾਇਬਰੇਰੀ, ਮਾਲ ਰੋਡ ਪਟਿਆਲਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਰੰਜੀਤਾ ਪੰਨੂ ਸੁਪਤਨੀ ਬਲਤੇਜ ਪੰਨੂ ਜਨਰਲ ਸਕੱਤਰ ਪੰਜਾਬ, ਆਮ ਆਦਮੀ ਪਾਰਟੀ, ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਸਾਇਨਾ ਕਪੂਰ ਅਤੇ ਡਾ. ਵਰਿੰਦਰ ਗਰਗ ਐਮ.ਡੀ. ਰੈਡਿਓਲੋਜੀ, ਓ.ਐਸ.ਡੀ. ਟੂ ਪ੍ਰੈਜ਼ੀਡੈਂਟ ਪੀ.ਜੀ.ਆਈ.ਐਮ.ਈ.ਆਰ ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਨੇ ਸਮਾਗਮ ਦੌਰਾਨ ਸਨਮਾਨਿਤ ਕੀਤੀਆਂ ਗਈਆਂ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੀ ਮਹਿਲਾ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਅਤੇ ਮਿਹਨਤ ਨਾਲ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ।
ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਬੇਦੀ ਨੇ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਸਮਾਗਮ ਦੌਰਾਨ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ 31 ਪ੍ਰਮੁੱਖ ਮਹਿਲਾ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਉਦੇਸ਼ ਮਹਿਲਾਵਾਂ ਦੇ ਯੋਗਦਾਨ ਨੂੰ ਮਾਨਤਾ ਦੇਣਾ ਅਤੇ ਸਮਾਜ ਵਿੱਚ ਮਹਿਲਾ ਸਸ਼ਕਤੀਕਰਨ ਦਾ ਸੰਦੇਸ਼ ਪਹੁੰਚਾਉਣਾ ਸੀ।
ਮੁੱਖ ਮਹਿਮਾਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੀ ਤਰੱਕੀ ਨਾਲ ਹੀ ਸਮਾਜ ਦੀ ਤਰੱਕੀ ਸੰਭਵ ਹੈ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਨੇ ਸਿੱਖਿਆ, ਸਿਹਤ, ਸਮਾਜ ਸੇਵਾ, ਪ੍ਰਸ਼ਾਸਨ, ਕਲਾ ਅਤੇ ਹੋਰ ਕਈ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਅੱਜ ਉਹ ਹਰ ਖੇਤਰ ਵਿੱਚ ਅਗਵਾਈ ਕਰ ਰਹੀਆਂ ਹਨ। ਇਸ ਮੌਕੇ ਸੁਮਨ ਬੱਤਰਾ ਨੇ ਮੰਚ ਸੰਚਾਲਨ ਦੀ ਭੂਮਿਕਾ ਨੂੰ ਬਖੂਬੀ ਨਿਭਾਇਆ। ਸਮਾਗਮ ਵਿਚ ਕਵਿਤਾਵਾਂ ਅਤੇ ਸੱਭਿਆਚਾਰ ਦਾ ਵੀ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਰਮਿੰਦਰ ਭਲਵਾਨ, ਅਧਿਆਪਕ, ਡਾਕਟਰ, ਸਮਾਜਸੇਵੀ, ਬੁੱਧੀਜੀਵੀ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ