ਸਾਬਕਾ ਮੰਤਰੀ ਬਲਬੀਰ ਸਿੱਧੂ ਵੱਲੋਂ ਗਮਾਡਾ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ ਦਾ ਐਲਾਨ
6 ਅਪ੍ਰੈਲ ਨੂੰ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਸਮੇਤ ਧਰਨੇ ਵਿੱਚ ਸ਼ਾਮਲ ਹੋਣਗੇ
ਗੱਲਬਾਤ ਕਰਦੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ।


ਐਸ.ਏ.ਐਸ. ਨਗਰ, 01 ਅਪ੍ਰੈਲ (ਹਿੰ.ਸ.)। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਵਿਰੁੱਧ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਪੂਰੀ ਹਿਮਾਇਤ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ 6 ਅਪ੍ਰੈਲ ਨੂੰ ਸਵੇਰੇ 10 ਵਜੇ ਕਾਂਗਰਸੀ ਵਰਕਰਾਂ ਸਮੇਤ ਧਰਨੇ ਵਿੱਚ ਸ਼ਾਮਲ ਹੋਣਗੇ।

ਇਸ ਸਬੰਧੀ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਗਮਾਡਾ ਰਾਹੀਂ ਕਿਸਾਨਾਂ ਨਾਲ ਨਾਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਿਨਾਂ ਯੋਗ ਮੁਆਵਜ਼ਾ ਦਿੱਤੇ ਕਿਸਾਨਾਂ ਤੋਂ ਜ਼ਮੀਨ ਲੈ ਰਹੀ ਹੈ, ਜਦਕਿ ਪਲਾਟਾਂ ਦੀ ਵੰਡ ਸਮੇਂ ਕਿਸਾਨਾਂ ਦੀ ਥਾਂ ਵਪਾਰਕ ਅਦਾਰਿਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਡਰਾਅ ਵਿੱਚ ਕੋਨੇ ਜਾਂ ਪਾਰਕ ਦੇ ਸਾਹਮਣੇ ਵਾਲੇ ਪਲਾਟ ਮਿਲਦੇ ਹਨ, ਉਨ੍ਹਾਂ ਤੋਂ ਵੀ ਆਮ ਅਲਾਟੀਆਂ ਵਾਂਗ ਵਾਧੂ ਰਕਮ ਵਸੂਲੀ ਜਾਂਦੀ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ।

ਸਿੱਧੂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਗਮਾਡਾ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰੀ ਅਦਾਰਾ, ਜੋ ਲੋਕਾਂ ਨੂੰ ਵਾਜ਼ਿਬ ਕੀਮਤਾਂ ‘ਤੇ ਮਕਾਨ ਮੁਹੱਈਆ ਕਰਾਉਣ ਲਈ ਬਣਾਇਆ ਗਿਆ ਸੀ, ਹੁਣ ਨਿੱਜੀ ਕੰਪਨੀਆਂ ਵਾਂਗ ਮੁਨਾਫ਼ਾ ਕਮਾਉਣ ਵਿੱਚ ਲੱਗ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਏਅਰੋਟ੍ਰੋਪੋਲਿਸ ਦੇ ਵਿਸਥਾਰ ਅਤੇ ਨਿਊ ਚੰਡੀਗੜ੍ਹ ਤੇ ਮੋਹਾਲੀ ਵਿੱਚ ਨਵੇਂ ਰਿਹਾਇਸ਼ੀ ਪ੍ਰਾਜੈਕਟ ਸ਼ੁਰੂ ਕਰਨ ਤੋਂ ਪਹਿਲਾਂ ਕੀ ਕੋਈ ਸਰਵੇ ਕੀਤਾ ਗਿਆ ਸੀ, ਜਿਸ ਨਾਲ ਇਲਾਕੇ ਵਿੱਚ ਮਕਾਨਾਂ ਦੀ ਅਸਲ ਲੋੜ ਦਾ ਅੰਦਾਜ਼ਾ ਲੱਗ ਸਕੇ।

ਸਿੱਧੂ ਨੇ ਕਿਹਾ ਕਿ ਸਰਕਾਰ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀ ਜ਼ਮੀਨ ਲੈ ਕੇ ਅਰਬਾਂ ਰੁਪਏ ਕਮਾਉਣ ਦਾ ਸੌਖਾ ਜ਼ਰੀਆ ਬਣਾਉਂਦੀ ਜਾ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਕੋਈ ਫ਼ਾਇਦਾ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸੰਘਰਸ਼ਸ਼ੀਲ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ। ਨਾਲ ਹੀ ਇਹ ਮੁੱਦਾ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਉਠਾ ਕੇ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ-ਪੱਖੀ ਬਣਾਉਣ ਦੀ ਮੰਗ ਵੀ ਕੀਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਸ਼ਾਮਲ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande