
ਅੰਮ੍ਰਿਤਸਰ, 01 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਦੇ ਪਿੰਡ ਫਤਿਹਪੁਰ ਰਾਜਪੂਤਾਂ ਖੁਰਦ ਅਤੇ ਗਿੱਲ ਪਿੰਡ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਵੇਖਣ ਵਿੱਚ ਆਉਂਦਾ ਸੀ ਕਿ ਪਿਛਲੀਆਂ ਸਰਕਾਰਾਂ ਕੇਵਲ ਆਪਣੀ ਆਖਿਰੀ ਸਾਲ ਦੇ ਕੰਮ ਵਿੱਚ ਹੀ ਛੋਟੇ ਮੋਟੇ ਵਿਕਾਸ ਦੇ ਕੰਮ ਕਰਕੇ ਲੋਕਾਂ ਨੂੰ ਵਰਗਲਾ ਲੈਂਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ।
ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ। ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ।
ਕੈਬਨਿਟ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90 ਫੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀਡੇਰੀ ਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ