
ਚੰਡੀਗੜ੍ਹ, 10 ਅਪ੍ਰੈਲ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਬਾਰਿਸ਼ ਅਤੇ ਹਨ੍ਹੇਰੀ ਦਾ ਦੌਰ ਹੁਣ ਖਤਮ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ 15 ਅਪ੍ਰੈਲ ਤੱਕ ਮੌਸਮ ਸਾਫ਼ ਅਤੇ ਸੁੱਕਾ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਜਾਂ ਹਨ੍ਹੇਰੀ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੌਰਾਨ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਸ਼ੁਰੂ ਹੋ ਗਿਆ ਹੈ, ਹਾਲਾਂਕਿ ਸਵੇਰੇ ਅਤੇ ਸ਼ਾਮ ਦੇ ਸਮੇਂ ਹਲਕੀ ਠੰਢ ਅਜੇ ਵੀ ਮਹਿਸੂਸ ਹੋ ਰਹੀ ਹੈ।
ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ ਵਿੱਚ 2.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਹ ਅਜੇ ਵੀ ਆਮ ਤੋਂ 4.8 ਡਿਗਰੀ ਘੱਟ ਹੈ। ਰਾਜ ਵਿੱਚ ਸਭ ਤੋਂ ਘੱਟ ਤਾਪਮਾਨ 26.4 ਡਿਗਰੀ ਸੈਲਸੀਅਸ ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਅਧਿਕਤਮ ਤਾਪਮਾਨ 28 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿਭਾਗ ਮੁਤਾਬਕ ਇਸ ਸਮੇਂ ਪੱਛਮੀ ਵਿਘਨ (ਵੈਸਟਰਨ ਡਿਸਟਰਬੈਂਸ) ਜੰਮੂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸਰਗਰਮ ਹੈ, ਜਿਸ ਕਾਰਨ ਪਹਾੜੀ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ, ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਉੱਪਰ ਉੱਪਰੀ ਹਵਾ ਦਾ ਚੱਕਰਵਾਤੀ ਦਬਾਅ ਵੀ ਬਣਿਆ ਹੋਇਆ ਹੈ। ਉੱਚਾਈ ‘ਤੇ ਤੇਜ਼ ਗਤੀ ਨਾਲ ਵੱਗ ਰਹੀਆਂ ਹਵਾਵਾਂ (ਜੈੱਟ ਸਟਰੀਮ) ਇਨ੍ਹਾਂ ਮੌਸਮੀ ਪ੍ਰਣਾਲੀਆਂ ਨੂੰ ਹੋਰ ਸਰਗਰਮ ਕਰ ਰਹੀਆਂ ਹਨ। ਮੌਸਮ ਵਿਭਾਗ ਨੇ ਦੱਸਿਆ ਕਿ 15 ਅਪ੍ਰੈਲ ਤੋਂ ਇੱਕ ਨਵਾਂ ਪੱਛਮੀ ਵਿਘਨ ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਪੰਜਾਬ ਵਿੱਚ 1 ਤੋਂ 9 ਅਪ੍ਰੈਲ 2026 ਦੇ ਦਰਮਿਆਨ ਆਮ ਤੋਂ ਕਾਫੀ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਸਮੇਂ ਦੌਰਾਨ ਔਸਤ 25.6 ਮਿ.ਮੀ. ਬਾਰਿਸ਼ ਹੋਈ, ਜਦਕਿ ਆਮ ਤੌਰ ‘ਤੇ ਇਹ ਅੰਕੜਾ 4.1 ਮਿ.ਮੀ. ਹੁੰਦਾ ਹੈ। ਇਸ ਤਰ੍ਹਾਂ ਰਾਜ ਵਿੱਚ 525 ਫੀਸਦੀ ਵੱਧ ਬਾਰਿਸ਼ ਦਰਜ ਕੀਤੀ ਗਈ। ਜ਼ਿਲ੍ਹਾ ਵਾਰ ਅੰਕੜਿਆਂ ਮੁਤਾਬਕ ਸਭ ਤੋਂ ਵੱਧ 56.8 ਮਿ.ਮੀ. ਬਾਰਿਸ਼ ਫਾਜਿਲਕਾ ਵਿੱਚ ਅਤੇ ਸਭ ਤੋਂ ਘੱਟ 4.4 ਮਿ.ਮੀ. ਹੁਸ਼ਿਆਰਪੁਰ ਵਿੱਚ ਦਰਜ ਕੀਤੀ ਗਈ।
ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਵਿੱਚ ਅਧਿਕਤਮ ਤਾਪਮਾਨ ਵਿੱਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਦੁਬਾਰਾ ਗਰਮੀ ਦਾ ਅਹਿਸਾਸ ਹੋਣ ਲੱਗੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH