
ਚੰਡੀਗੜ੍ਹ, 10 ਅਪ੍ਰੈਲ (ਹਿੰ.ਸ.)| ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਭਵਨ ਵਿੱਚ ਆਯੋਜਿਤ ਸਮਾਗਮ ਦੌਰਾਨ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ।
ਇਸ ਮੌਕੇ ਸੀਨੀਆਰਤਾ ਦੇ ਆਧਾਰ ’ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਹ ਤਰੱਕੀਆਂ ਅਧਿਕਾਰੀਆਂ ਦੀ ਲੰਬੀ ਸੇਵਾ, ਲਗਨ ਅਤੇ ਸਮਰਪਣ ਦੀ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੈਸਲਿਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਆਵੇਗਾ।
ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁਲਾਜ਼ਮ-ਪੱਖੀ ਨੀਤੀ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ-ਸਿਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਾਰਦਰਸ਼ੀ ਅਤੇ ਯੋਗਤਾ ਆਧਾਰਿਤ ਤਰੱਕੀ ਪ੍ਰਣਾਲੀ ਨਾਲ ਨਾ ਸਿਰਫ ਕਰਮਚਾਰੀਆਂ ਦਾ ਮਨੋਬਲ ਵਧਦਾ ਹੈ, ਸਗੋਂ ਸਰਕਾਰੀ ਸੇਵਾਵਾਂ ਦੀ ਗੁਣਵੱਤਾ ਵਿੱਚ ਵੀ ਵਾਧਾ ਹੁੰਦਾ ਹੈ।
ਇਸ ਦੇ ਨਾਲ ਹੀ ਇੱਕ ਵਿਸ਼ੇਸ਼ ਪਹੁੰਚ ਅਪਣਾਉਂਦਿਆਂ ਤਰੱਕੀ ਪ੍ਰਾਪਤ ਅਧਿਕਾਰੀਆਂ ਦੀ ਤੈਨਾਤੀ ਉਨ੍ਹਾਂ ਦੇ ਮਨਪਸੰਦ ਸਟੇਸ਼ਨਾਂ ਵਿੱਚੋਂ ਇੱਕ ਉੱਤੇ, ਘਰਾਂ ਦੇ ਨੇੜੇ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਅਧਿਕਾਰੀਆਂ ਨੂੰ ਕੰਮ ਅਤੇ ਨਿੱਜੀ ਜੀਵਨ ਵਿਚ ਸੰਤੁਲਨ ਬਣਾਉਣ ਵਿੱਚ ਸਹੂਲਤ ਮਿਲੇਗੀ, ਜਿਸ ਨਾਲ ਉਹ ਹੋਰ ਇਕਾਗਰਤਾ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾ ਸਕਣਗੇ।
ਉਨ੍ਹਾਂ ਨੇ ਖੇਤਰੀ ਅਧਿਕਾਰੀਆਂ ਨੂੰ ਵਿਭਾਗੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਈ ਆਪਣੇ ਸੁਝਾਅ ਦੇਣ ਲਈ ਵੀ ਪ੍ਰੇਰਿਤ ਕੀਤਾ। ਮੰਤਰੀ ਨੇ ਜ਼ੋਰ ਦਿੱਤਾ ਕਿ ਜ਼ਮੀਨੀ ਪੱਧਰ ਤੋਂ ਮਿਲਣ ਵਾਲੀ ਫੀਡਬੈਕ ਸਰਕਾਰੀ ਨੀਤੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।
ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਵੀ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਅਧਿਕਾਰੀ ਇਮਾਨਦਾਰੀ, ਸਮਰਪਣ ਅਤੇ ਪੇਸ਼ਾਵਰਾਨਾ ਢੰਗ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਲੋਕ ਸੇਵਾ ਵਿੱਚ ਅਹਿਮ ਯੋਗਦਾਨ ਪਾਉਣਗੇ।
ਸਮਾਗਮ ਵਿੱਚ ਸਕੱਤਰ ਮਾਲ-ਕਮ-ਡਾਇਰੈਕਟਰ ਆਫ਼ਤ ਪ੍ਰਬੰਧਨ ਮਨਵੇਸ਼ ਸਿੰਘ ਸਿੱਧੂ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਰਹੇ। ਸਰਕਾਰ ਵੱਲੋਂ ਇਸ ਤਰ੍ਹਾਂ ਦੀਆਂ ਮੁਲਾਜ਼ਮ-ਹਿਤੈਸ਼ੀ ਪਹਿਲਕਦਮੀਆਂ ਭਵਿੱਖ ਵਿੱਚ ਵੀ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ / GURSHARAN SINGH