
ਖੰਨਾ (ਲੁਧਿਆਣਾ), 10 ਅਪ੍ਰੈਲ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਮਦਦ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (ਐਲ.ਐਮ.ਟੀ) ਕਣਕ ਦੀ ਖ਼ਰੀਦ ਦਾ ਟੀਚਾ ਹੈ। ਹਾਲਾਂਕਿ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੀ ਮੌਜੂਦ ਸਨ।
ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਨੌਵਾਂ ਖਰੀਦ ਸੀਜਨ ਹੈ। ਇਸ ਤੋਂ ਪਹਿਲਾਂ ਅਸੀਂ ਅੱਠ ਖਰੀਦ ਸੀਜਨ ਮੁਕੰਮਲ ਕਰ ਚੁੱਕੇ ਹਾਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਠ ਖਰੀਦ ਸੀਜਨ ਇੰਨੇ ਵਧੀਆ ਰਹੇ ਹਨ ਕਿ ਜਦੋਂ ਵੀ ਕਿਸਾਨ ਮੰਡੀਆਂ ਵਿੱਚ ਫਸਲ ਲੈ ਕੇ ਆਏ ਤਾਂ ਉਨ੍ਹਾਂ ਦੀ ਫਸਲ ਦੇ ਇੱਕ-ਇੱਕ ਦਾਣੇ ਨੂੰ ਮੰਡੀਆਂ ਵਿੱਚੋਂ ਖਰੀਦ ਕੇ ਚੁੱਕਿਆ ਗਿਆ ਅਤੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕੀਤੀ ਫਸਲ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ। ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਦੇ ਅੰਦਰ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,585 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਜਾਵੇਗੀ ਅਤੇ ਚੁੱਕੀ ਹੋਈ ਕਣਕ ਦੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 24 ਘੰਟੇ ਦੇ ਅੰਦਰ-ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਲਿਆਂਦੇ ਗਏ ਇੱਕ-ਇੱਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ ਸਟੋਰੇਜ, ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਬਾਥਰੂਮ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਜਦੋਂ ਆਪਣੀ ਕਣਕ ਲੈ ਕੇ ਅਨਾਜ ਮੰਡੀ ਵਿੱਚ ਆਉਂਦਾ ਹੈ ਤਾਂ ਉਹ ਆਪਣੀ ਕਣਕ 24 ਘੰਟਿਆਂ ਦੇ ਵਿੱਚ-ਵਿੱਚ ਵੇਚ ਕੇ ਆਪਣੇ ਘਰ ਨੂੰ ਚਲਾ ਜਾਵੇਗਾ। ਕਿਸਾਨ ਤੋਂ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 24 ਘੰਟਿਆਂ ਦੇ ਵਿੱਚ ਉਸ ਦੇ ਬੈਂਕ ਖਾਤੇ ਵਿੱਚ ਪਾ ਦਿੱਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ