
ਚੰਡੀਗੜ੍ਹ, 11 ਅਪ੍ਰੈਲ (ਹਿੰ.ਸ.)। ਬਟਾਲਾ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ.ਜੀ.ਪੀ ਗੌਰਵ ਯਾਦਵ ਨੇ ਦਿੱਤੀ।
ਡੀ.ਜੀ.ਪੀ ਨੇ ਦੱਸਿਆ ਕਿ ਇਸ ਕਾਰਵਾਈ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 6.5 ਕਿਲੋਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ .30 ਕੈਲੀਬਰ ਪਿਸਤੌਲ, ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ - ਜੋ ਕਿ ਜਬਰੀ ਵਸੂਲੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈਟਵਰਕ ਵਿਚਕਾਰ ਮਜ਼ਬੂਤ ਗਠਜੋੜ ਨੂੰ ਉਜਾਗਰ ਕਰਦੀ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਨੈੱਟਵਰਕ ਦੇ ਅੰਦਰ ਕਾਰਕੁਨਾਂ ਨੂੰ ਹਥਿਆਰ ਸਪਲਾਈ ਕੀਤੇ ਜਾ ਰਹੇ ਸਨ। ਇਸ ਸਬੰਧੀ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਬਟਾਲਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ, ਅਤੇ ਅੱਗੇ ਅਤੇ ਪਿੱਛੇ ਦੋਵੇਂ ਤਰ੍ਹਾਂ ਦੇ ਸਬੰਧ ਸਥਾਪਤ ਕਰਨ ਅਤੇ ਪੂਰੇ ਨੈਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ। ਮਾਮਲੇ ਦੇ ਵਿਸਥਾਰਤ ਵੇਰਵਿਆਂ ਦੀ ਉਡੀਕ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ