
ਹੁਸ਼ਿਆਰਪੁਰ, 11 ਅਪ੍ਰੈਲ (ਹਿੰ.ਸ.)। ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਮਨਾਏ ਜਾ ਰਹੇ “ਖੁਰਾਕ ਸੁਰੱਖਿਆ ਜਾਗਰੂਕਤਾ ਪੰਦਰਵਾੜਾ” (9 ਅਪ੍ਰੈਲ ਤੋਂ 24 ਅਪ੍ਰੈਲ 2026) ਦੇ ਤਹਿਤ ਸਿਵਲ ਸਰਜਨ ਦਫਤਰ ਹੁਸ਼ਿਆਰਪੁਰ ਵਿਖੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਫੂਡ ਸੇਫਟੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਨੂੰ ਸਾਫ-ਸੁਥਰੀਆਂ ਅਤੇ ਸ਼ੁੱਧ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਅਤੇ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਉਦੇਸ਼ ਨਾਲ ਫੂਡ ਸੇਫਟੀ ਪੰਦਰਵਾੜਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਧੁਨਿਕ ਟੈਸਟਿੰਗ ਯੰਤਰਾਂ ਨਾਲ ਲੈਸ ਇਹ ਵੈਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਇਲਾਕਿਆਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ ਮੌਕੇ ’ਤੇ ਹੀ ਜਾਂਚ ਕਰਕੇ ਤੁਰੰਤ ਰਿਪੋਰਟ ਪ੍ਰਦਾਨ ਕਰੇਗੀ ਅਤੇ ਲੋਕਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸ਼ੁੱਧਤਾ ਪ੍ਰਤੀ ਜਾਗਰੂਕ ਵੀ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਵੈਨ ਇਕ ਚਲਦੀ-ਫਿਰਦੀ ਲੈਬਾਰਟਰੀ ਵਾਂਗ ਕੰਮ ਕਰੇਗੀ, ਜੋ ਦੁੱਧ, ਘਿਓ, ਪਨੀਰ, ਖਾਣ ਵਾਲੇ ਤੇਲ ਅਤੇ ਮਸਾਲਿਆਂ ਦੀ ਸ਼ੁੱਧਤਾ ਦੀ ਜਾਂਚ ਮੌਕੇ ’ਤੇ ਹੀ ਕਰ ਸਕਦੀ ਹੈ। ਇਸ ਰਾਹੀਂ ਇਲਾਕਾ ਨਿਵਾਸੀਆਂ ਨੂੰ ਲੰਬੇ ਸਮੇਂ ਦੀ ਉਡੀਕ ਤੋਂ ਬਿਨਾਂ ਕੁਝ ਮਿੰਟਾਂ ਵਿੱਚ ਟੈਸਟ ਦੀ ਰਿਪੋਰਟ ਮਿਲ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵੈਨ ਰਾਹੀਂ ਲੋਕਾਂ ਨੂੰ ਇਹ ਜਾਣਕਾਰੀ ਦਿੱਤੀ ਜਾਵੇਗੀ ਕਿ ਘਰ ਬੈਠੇ ਹੀ ਮਿਲਾਵਟੀ ਸਾਮਾਨ ਦੀ ਪਛਾਣ ਕਿਵੇਂ ਕੀਤੀ ਜਾ ਸਕਦੀ ਹੈ। ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ੇਗੀ ਨਹੀਂ ਅਤੇ ਇਹ ਵੈਨ ਸ਼ਹਿਰ ਵਾਸੀਆਂ ਲਈ ਇਕ ਸੁਰੱਖਿਆ ਕਵਚ ਵਜੋਂ ਸਾਬਤ ਹੋਵੇਗੀ।
ਇਸ ਮੌਕੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਖਾਧ ਪਦਾਰਥਾਂ ਨਾਲ ਸਬੰਧਤ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਫੂਡ ਵਿਕਰੇਤਾਵਾਂ ਲਈ ਫੂਡ ਲਾਇਸੈਂਸ/ਰਜਿਸਟ੍ਰੇਸ਼ਨ ਲਾਜ਼ਮੀ ਹੈ ਅਤੇ ਸਾਫ-ਸਫਾਈ ਦੇ ਮਿਆਰਾਂ ਦੀ ਪਾਲਣਾ ਕਰਨੀ ਅਤਿ-ਆਵਸ਼ਕ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਕਿਸੇ ਵੀ ਤਰੀਕੇ ਨਾਲ ਗੈਰ-ਕਾਨੂੰਨੀ ਮਿਲਾਵਟ ਨਾ ਕੀਤੀ ਜਾਵੇ ਅਤੇ ਫੂਡ ਸੇਫਟੀ ਐਕਟ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।
ਜ਼ਿਲਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਫੂਡ ਸੇਫਟੀ ਵੈਨ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਨਿਯਮਿਤ ਤੌਰ ’ਤੇ ਜਾਂਚ ਕੀਤੀ ਜਾਵੇਗੀ, ਤਾਂ ਜੋ ਮਿਲਾਵਟਖੋਰੀ ’ਤੇ ਅੰਕੁਸ਼ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸ਼ੱਕੀ ਖਾਧ ਪਦਾਰਥਾਂ ਬਾਰੇ ਸਿਹਤ ਵਿਭਾਗ ਨੂੰ ਸੂਚਿਤ ਕਰਨ, ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਖਾਣ-ਪੀਣ ਦੀਆਂ ਵਸਤੂਆਂ ਖਰੀਦਣ ਸਮੇਂ ਹਮੇਸ਼ਾਂ ਮਿਆਰੀ ਅਤੇ ਲਾਇਸੈਂਸਸ਼ੁਦਾ ਦੁਕਾਨਾਂ ਤੋਂ ਹੀ ਸਮਾਨ ਖਰੀਦਿਆ ਜਾਵੇ ਅਤੇ ਉਤਪਾਦਾਂ ’ਤੇ ਲੱਗੇ ਲੇਬਲ ਅਤੇ ਮਿਆਦ ਸਮਾਪਤੀ ਦੀ ਜ਼ਰੂਰ ਜਾਂਚ ਕੀਤੀ ਜਾਵੇ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ਿਮਾਰ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤ ਸਿੰਘ, ਡਾ. ਨੇਹਾ ਪਾਲ, ਜ਼ਿਲਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ, ਫੂਡ ਸੇਫਟੀ ਅਫ਼ਸਰ ਮਨੀਸ਼ ਸੋਢੀ, ਫੂਡ ਸੇਫਟੀ ਅਫ਼ਸਰ ਇਸ਼ਾਨ ਬੰਸਲ, ਸਹਾਇਕ ਰਾਮ ਲੁਭਾਇਆ, ਲੈਬ ਟੈਕਨੀਸ਼ੀਅਨ ਰਾਜਵੀਰ ਕੌਰ, ਪੀ.ਏ. ਟੂ ਸਿਵਲ ਸਰਜਨ ਸਤਪਾਲ ਅਤੇ ਸਹਾਇਕ ਕਮਲਜੀਤ ਵੀ ਹਾਜ਼ਿਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ