
ਖਡੂਰ ਸਾਹਿਬ, 11 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਵੱਖ-ਵੱਖ ਸਹਾਇਕ ਧੰਦਿਆਂ ਨਾਲ ਜੋੜਨ ਵਾਸਤੇ ਜਾਗਰੂਕਤਾ ਅਭਿਆਨ ਚਲਾਇਆ ਹੈ ਅਤੇ ਕਿਸਾਨ ਵੱਧ-ਚੜ੍ਹ ਕੇ ਸਹਾਇਕ ਧੰਦੇ ਅਤੇ ਪ੍ਰੋਸੈਸਿੰਗ ਯੂਨਿਟ ਲਗਾ ਰਹੇ ਹਨ।
ਇਸੇ ਤਹਿਤ ਡਾ. ਭੁਪਿੰਦਰ ਸਿੰਘ ਖੇਤੀਬਾੜੀ ਅਫਸਰ ਖਡੂਰ ਸਾਹਿਬ ਦੇ ਥਾਪੜੇ ਸਦਕਾ ਡਾ. ਯਾਦਵਿੰਦਰ ਸਿੰਘ ਸਰਕਲ ਇੰਚਾਰਜ ਜਲਾਲਾਬਾਦ ਵੱਲੋਂ ਪਿੰਡ ਨਾਗੋਕੇ ਵਿਖੇ ਪ੍ਰੋਸੈਸਿੰਗ ਯੂਨਿਟ ਚਲਾ ਰਹੇ ਕਿਸਾਨ ਕ੍ਰਿਸ਼ਨ ਕੁਮਾਰ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਹਲਦੀ ਅਤੇ ਦਾਲਾਂ ਦੀ ਪ੍ਰੋਸੈਸਿੰਗ ਅਤੇ ਮਾਰਕੀਟਿੰਗ ਦੇ ਗੁਰ ਦੱਸੇ ਗਏ।
ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਖਡੂਰ ਸਾਹਿਬ ਦੇ ਪਿੰਡ ਨਾਗੋਕੇ ਦੇ ਪ੍ਰਗਤੀਸ਼ੀਲ ਕਿਸਾਨ ਕ੍ਰਿਸ਼ਨ ਕੁਮਾਰ ਨੇ ਖੇਤੀ ਵਿਚ ਨਵੀਨਤਾ ਅਤੇ ਮਿਹਨਤ ਦਾ ਅਦਭੁੱਤ ਮਿਲਾਪ ਕਰਕੇ ਇਕ ਵਿਲੱਖਣ ਮਿਸਾਲ ਕਾਇਮ ਕੀਤੀ ਹੈ। ਉਹ 2013 ਤੋਂ ਲਗਾਤਾਰ ਮਲਚਿੰਗ ਤਕਨੀਕ ਨਾਲ ਹਲਦੀ ਦੀ ਕਾਸ਼ਤ ਕਰ ਰਹੇ ਹਨ ਅਤੇ ਅੱਜ ਉਨ੍ਹਾਂ ਦਾ ਨਾਮ ਖੇਤੀਬਾੜੀ ਵਿਚ ਸਫਲ ਕਿਸਾਨਾਂ ਦੀ ਸੂਚੀ ਵਿਚ ਸ਼ਾਮਲ ਹੋ ਚੁੱਕਾ ਹੈ। ਉਨ੍ਹਾਂ ਨੇ ਪਿਛਲੇ 10 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ 2012 ਤੋਂ ਤਰਜੀਹ ਦੇ ਰਹੇ ਹਨ।
ਕ੍ਰਿਸ਼ਨ ਕੁਮਾਰ ਨੇ ਰਵਾਇਤੀ ਫ਼ਸਲਾਂ ਤੋਂ ਹਟ ਕੇ ਹਲਦੀ ਦੀ ਕਾਸ਼ਤ ਸ਼ੁਰੂ ਕੀਤੀ। ਸ਼ੁਰੂਆਤ ਵਿਚ ਚੁਣੌਤੀਆਂ ਆਈਆਂ, ਪਰ ਉਨ੍ਹਾਂ ਨੇ ਮਲਚਿੰਗ ਤਕਨੀਕ ਅਪਣਾਈ ਜਿਸ ਨਾਲ ਮਿੱਟੀ ਦੀ ਨਮੀ ਬਰਕਰਾਰ ਰਹਿੰਦੀ ਹੈ, ਘਾਹ-ਫੂਸ ਘੱਟ ਹੁੰਦਾ ਹੈ ਅਤੇ ਫ਼ਸਲ ਦੀ ਗੁਣਵੱਤਾ ਵਿਚ ਵੀ ਸੁਧਾਰ ਹੁੰਦਾ ਹੈ। ਇਸ ਤਕਨੀਕ ਨਾਲ ਉਨ੍ਹਾਂ ਦੀ ਪੈਦਾਵਾਰ ਵਿਚ ਮਹੱਤਵਪੂਰਨ ਵਾਧਾ ਹੋਇਆ ਅਤੇ ਲਾਗਤ ਵੀ ਘਟੀ।
ਉਨ੍ਹਾਂ ਦੀ ਖਾਸ ਗੱਲ ਇਹ ਹੈ ਕਿ ਉਹ ਸਿਰਫ ਕੱਚੀ ਹਲਦੀ ਵੇਚਣ ਤੱਕ ਸੀਮਿਤ ਨਹੀਂ ਰਹੇ, ਸਗੋਂ ਖੁਦ ਹੀ ਪ੍ਰੋਸੈਸਿੰਗ ਕਰਦੇ ਹਨ। ਉਹ ਹਲਦੀ ਨੂੰ ਸਾਫ ਕਰਕੇ, ਉਬਾਲ ਕੇ, ਸੁਕਾ ਕੇ ਅਤੇ ਪੀਸ ਕੇ ਉੱਚ ਗੁਣਵੱਤਾ ਵਾਲੀ ਹਲਦੀ ਪਾਊਡਰ ਤਿਆਰ ਕਰਦੇ ਹਨ। ਇਸ ਨਾਲ ਉਨ੍ਹਾਂ ਨੂੰ ਮਾਰਕੀਟ ਵਿਚ ਵਧੀਆ ਕੀਮਤ ਮਿਲਦੀ ਹੈ ਅਤੇ ਉਨ੍ਹਾਂ ਦੀ ਆਮਦਨ ਵਿਚ ਕਾਫ਼ੀ ਵਾਧਾ ਹੋਇਆ ਹੈ।
ਕ੍ਰਿਸ਼ਨ ਕੁਮਾਰ ਨੇ ਆਪਣੇ ਤਜ਼ਰਬੇ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਜੇ ਕਿਸਾਨ ਨਵੀਂ ਤਕਨੀਕਾਂ ਅਪਣਾਉਣ ਅਤੇ ਮੁੱਲ ਵਧੂ ਪ੍ਰਕਿਰਿਆਵਾਂ ਵੱਲ ਧਿਆਨ ਦੇਣ, ਤਾਂ ਖੇਤੀਬਾੜੀ ਵਿਚ ਵੱਡੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਅੱਜ ਉਹ ਆਪਣੇ ਇਲਾਕੇ ਦੇ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣੇ ਹੋਏ ਹਨ। ਡਾ. ਯਾਦਵਿੰਦਰ ਸਿੰਘ ਦੇ ਨਾਲ ਉਨ੍ਹਾਂ ਦੇ ਸਹਿਯੋਗੀ ਡਾ. ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ ਅਤੇ ਗੁਰਪ੍ਰਤਾਪ ਸਿੰਘ ਫੀਲਡ ਸਹਾਇਕ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ।
ਉਨ੍ਹਾਂ ਦੀ ਇਹ ਸਫਲਤਾ ਕਹਾਣੀ ਨਾ ਸਿਰਫ ਕਿਸਾਨਾਂ ਨੂੰ ਪ੍ਰੇਰਿਤ ਕਰਦੀ ਹੈ, ਸਗੋਂ ਉਨਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿਚ ਮੁੱਖ ਖੇਤੀਬਾੜੀ ਅਫਸਰ ਅਤੇ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਬਲਜੀਤ ਸਿੰਘ ਖਹਿਰਾ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਹ ਸਫਲਤਾ ਦੀ ਕਹਾਣੀ ਇਹ ਵੀ ਦਰਸਾਉਂਦੀ ਹੈ ਕਿ ਖੇਤੀ ਵਿਚ ਨਵੀਂ ਸੋਚ ਅਤੇ ਤਕਨੀਕਾਂ ਨਾਲ ਕਿਸਾਨ ਆਪਣੀ ਆਮਦਨ ਨੂੰ ਕਈ ਗੁਣਾ ਵਧਾ ਸਕਦੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ