
ਹੁਸ਼ਿਆਰਪੁਰ, 11 ਅਪ੍ਰੈਲ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਟੀ ਦੀ ਮਜ਼ਬੂਤ ਸੋਚ ਤੋਂ ਪ੍ਰਭਾਵਿਤ ਹੋ ਕੇ ਅੱਜ ਹੁਸ਼ਿਆਰਪੁਰ ਵਿੱਚ ਨੌਜਵਾਨਾਂ ਦਾ ਇੱਕ ਵੱਡਾ ਕਾਫਲਾ ਪਾਰਟੀ ਨਾਲ ਜੁੜਿਆ। ਯੁਵਾ ਨੇਤਾ ਅਰਮਿੰਦਰ ਹੁਸੈਨਪੁਰੀ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ਼ ਅਤੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ। ਇਸ ਮੌਕੇ ਨੌਜਵਾਨ ਆਗੂ ਅਰਮਿੰਦਰ ਹੁਸੈਨਪੁਰੀ ਦੀ ਪ੍ਰੇਰਨਾ ਸਦਕਾ ਮਨੀਸ਼ ਭਾਟੀਆ ਅਤੇ ਉਹਨਾਂ ਦੇ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।ਇਸ ਮੌਕੇ ਸੰਜੀਵ ਤਲਵਾੜ ਨੇ ਮਨੀਸ਼ ਭਾਟੀਆ ਅਤੇ ਉਹਨਾਂ ਦੀ ਟੀਮ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜਿਕ ਅਤੇ ਸਿਆਸੀ ਤਬਦੀਲੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਤਲਵਾੜ ਨੇ ਕਿਹਾ, ਅੱਜ ਦੇ ਨੌਜਵਾਨ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ। ਆਉਣ ਵਾਲੇ ਸਮੇਂ ਵਿੱਚ ਨੌਜਵਾਨ ਵਰਗ ਹੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਯੁਵਾ ਨੇਤਾ ਅਰਮਿੰਦਰ ਹੁਸੈਨਪੁਰੀ ਨੇ ਕਿਹਾ ਕਿ ਪਾਰਟੀ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੀ ਹੈ ਅਤੇ ਅੱਜ ਹੋਈ ਇਸ ਸ਼ਮੂਲੀਅਤ ਨਾਲ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਈ ਹੈ। ਉਨਾਂ ਨੇ ਭਰੋਸਾ ਦਿਲਵਾਇਆ ਕਿ 2027 ਵਿਧਾਨ ਸਭਾ ਦੀਆਂ ਚੋਣਾਂ ਵਿੱਚ ਨੌਜਵਾਨ ਸਾਥੀ ਵੱਧ ਚੜ ਕੇ ਭਾਗ ਲੈਣਗੇ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਮੌਕੇ ਮਨੀਸ਼ ਭਾਟੀਆ ਨੇ ਭਰੋਸਾ ਦਿਵਾਇਆ ਕਿ ਉਹ ਅਤੇ ਉਹਨਾਂ ਦੇ ਸਾਥੀ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਇਸ ਮੌਕੇ ਜਸ਼ਨ ਗੋਰਾਇਆ, ਕੋਸ਼ਿਕ ਅਰੋੜਾ, ਗੁਰਪ੍ਰੀਤ, ਜਸ਼ਨਪ੍ਰੀਤ ਸਿੰਘ, ਪ੍ਰਭਜੀਤ ਸਿੰਘ, ,ਅਰਸ਼ਪ੍ਰੀਤ ਸਿੰਘ, ਸੁਸ਼ੀਲ ਕੁਮਾਰ ਸਮੇਤ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ