ਅੰਮ੍ਰਿਤਸਰ ਵਿੱਚ ਨਾਜਾਇਜ ਕਾਲੋਨੀਆਂ ’ਤੇ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ, 11 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਪੁੱਡਾ ਦੇ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਵਿੰਗ ਨੇ ਜ਼ਿਲ੍ਹੇ ਵਿੱਚ ਤੇਜ਼ੀ ਨਾਲ ਫੈਲ ਰਹੀਆਂ ਨਾਜਾਇਜ ਕਾਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਈ ਗੈਰਕਾਨੂੰਨੀ ਢਾਂਚਿਆਂ ਨੂੰ ਢਾਹ ਦਿੱਤਾ। ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ
ਮੌਕੇ ’ਤੇ ਮੌਜੂਦ ਏਡੀਏ ਦੀ ਟੀਮ।


ਅੰਮ੍ਰਿਤਸਰ, 11 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਪੁੱਡਾ ਦੇ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਵਿੰਗ ਨੇ ਜ਼ਿਲ੍ਹੇ ਵਿੱਚ ਤੇਜ਼ੀ ਨਾਲ ਫੈਲ ਰਹੀਆਂ ਨਾਜਾਇਜ ਕਾਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਈ ਗੈਰਕਾਨੂੰਨੀ ਢਾਂਚਿਆਂ ਨੂੰ ਢਾਹ ਦਿੱਤਾ। ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਖੇਤਰ ਵਿੱਚ ਇਹ ਕਾਰਵਾਈ ਕੀਤੀ ਗਈ, ਜਿੱਥੇ ਰਾਸ਼ਟਰੀ ਰਾਜਮਾਰਗ ਅਤੇ ਲਿੰਕ ਰੋਡ ਦੇ ਨੇੜੇ ਬਿਨਾਂ ਮਨਜ਼ੂਰੀ ਦੇ ਕਾਲੋਨੀਆਂ ਵਿਕਸਤ ਕੀਤੀਆਂ ਜਾ ਰਹੀਆਂ ਸਨ। ਟੀਮ ਨੇ ਮੌਕੇ ’ਤੇ ਪਹੁੰਚ ਕੇ ਨਿਰਮਾਣ ਕੰਮ ਰੁਕਵਾਇਆ ਅਤੇ ਨਾਜਾਇਜ ਢਾਂਚਿਆਂ ਨੂੰ ਢਾਹ ਦਿੱਤਾ।

ਅਧਿਕਾਰੀਆਂ ਮੁਤਾਬਿਕ ਇਹ ਕਾਰਵਾਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਕੀਤੀ ਗਈ। ਇਸ ਮੌਕੇ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਮੁੱਖ ਪ੍ਰਸ਼ਾਸਕ ਇਨਾਇਤ ਦੇ ਨਿਰਦੇਸ਼ਾਂ ਹੇਠ ਇਹ ਮੁਹਿੰਮ ਚਲਾਈ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਕਾਲੋਨੀਆਂ ਨੂੰ ਪਹਿਲਾਂ ਹੀ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਤਹਿਤ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਕੰਮ ਰੋਕਣ ਦੇ ਹੁਕਮ ਦਿੱਤੇ ਗਏ ਸਨ, ਪਰ ਇਸਦੇ ਬਾਵਜੂਦ ਨਿਰਮਾਣ ਜਾਰੀ ਰਿਹਾ।

ਇਸ ਤੋਂ ਇਲਾਵਾ ਆਈਆਈਐਮ ਰੋਡ ਨੇੜੇ ਰੱਖਝੀਤਾਂ ਵਿੱਚ ਇੱਕ ਹੋਰ ਕਾਲੋਨੀ ਖ਼ਿਲਾਫ਼ ਵੀ ਦੁਬਾਰਾ ਕਾਰਵਾਈ ਕੀਤੀ ਗਈ, ਜਿੱਥੇ ਪਹਿਲਾਂ ਵੀ ਕਾਰਵਾਈ ਕੀਤੀ ਗਈ ਸੀ ਪਰ ਫਿਰ ਤੋਂ ਨਿਰਮਾਣ ਸ਼ੁਰੂ ਹੋ ਗਿਆ ਸੀ। ਪ੍ਰਸ਼ਾਸਨ ਨੇ ਚੇਤਾਵਨੀ ਦਿੱਤੀ ਹੈ ਕਿ ਨਾਜਾਇਜ ਕਾਲੋਨੀਆਂ ਬਣਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਜੁਰਮਾਨਾ ਅਤੇ ਕੈਦ ਦੀ ਸਜ਼ਾ ਵੀ ਸ਼ਾਮਲ ਹੈ।

ਏਡੀਏ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਕਾਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਉਸ ਦੀ ਕਾਨੂੰਨੀ ਮਨਜ਼ੂਰੀ ਦੀ ਪੂਰੀ ਜਾਂਚ ਜ਼ਰੂਰ ਕਰਨ, ਤਾਂ ਜੋ ਭਵਿੱਖ ਵਿੱਚ ਨੁਕਸਾਨ ਤੋਂ ਬਚਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande