


ਸ਼੍ਰੀ ਅਨੰਦਪੁਰ ਸਾਹਿਬ, 12 ਅਪ੍ਰੈਲ (ਹਿੰ.ਸ.)| ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਖਾਲਸਾ ਸਾਜਨਾ ਦਿਵਸ ਵਿਸਾਖੀ ਸਮਾਗਮਾਂ ਦੀ ਸ਼ੁਰੂਆਤ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਹੋ ਗਈ ਹੈ। ਸਮਾਗਮਾਂ ਦੀ ਸ਼ੁਰੂਆਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਹੋਈ, ਜਿਸ ਨੇ ਪੂਰੇ ਮਾਹੌਲ ਨੂੰ ਆਧਿਆਤਮਿਕ ਰੰਗ ਵਿੱਚ ਰੰਗ ਦਿੱਤਾ। ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ, ਜਿਸ ਵਿੱਚ ਸਮੂਹ ਸੰਗਤ ਦੀ ਚੜ੍ਹਦੀ ਕਲਾ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਖਾਲਸਾ ਪੰਥ ਦੀ ਮਹਾਨਤਾ ਅਤੇ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕਰਕੇ ਸਮੂਹ ਮਨੁੱਖਤਾ ਨੂੰ ਬਰਾਬਰੀ, ਨਿਡਰਤਾ ਅਤੇ ਧਰਮ ਦੀ ਰੱਖਿਆ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਇਸੇ ਪਵਿੱਤਰ ਅਸਥਾਨ ’ਤੇ ਪੰਜ ਪਿਆਰਿਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾਇਆ ਗਿਆ ਸੀ, ਜਿਸ ਨਾਲ ਖਾਲਸਾ ਪੰਥ ਦੀ ਨੀਂਹ ਰੱਖੀ ਗਈ।
ਜਥੇਦਾਰ ਸਾਹਿਬ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਖਾਲਸਾ ਸਾਜਨਾ ਦਿਵਸ ਦੇ ਸਮਾਗਮਾਂ ਵਿੱਚ ਹਿੱਸਾ ਲੈਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਾਨੂੰ ਆਪਣੇ ਇਤਿਹਾਸ ਨਾਲ ਜੋੜਦੇ ਹਨ ਅਤੇ ਸੱਚਾਈ, ਸੇਵਾ ਅਤੇ ਸਿਮਰਨ ਦੇ ਮਾਰਗ ’ਤੇ ਤੁਰਨ ਲਈ ਪ੍ਰੇਰਿਤ ਕਰਦੇ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਸਮਾਗਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਸੰਗਤ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੌਰਾਨ ਧਾਰਮਿਕ ਦੀਵਾਨ, ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਅੱਜ ਆਰੰਭਤਾ ਮੌਕੇ ਵੱਡੀ ਗਿਣਤੀ ’ਚ ਸੰਗਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕ ਸੰਗਤ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।
ਹਿੰਦੂਸਥਾਨ ਸਮਾਚਾਰ / GURSHARAN SINGH