
ਧਨੌਲਾ, 12 ਅਪ੍ਰੈਲ (ਹਿੰ.ਸ.)| ਬਰਨਾਲਾ ਜ਼ਿਲ੍ਹੇ ਦੇ ਬਲਾਕ ਧਨੌਲਾ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਸਿਹਤ ਵਿਭਾਗ ਵੱਲੋਂ ਯੋਗ ਲਾਭਪਾਤਰੀਆਂ ਤੱਕ ਯੋਜਨਾ ਦਾ ਲਾਭ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਦੀ ਅਗਵਾਈ ਹੇਠ ਟੀਮ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਕੋਈ ਵੀ ਯੋਗ ਵਿਅਕਤੀ ਇਸ ਯੋਜਨਾ ਤੋਂ ਵਾਂਝਾ ਨਾ ਰਹੇ, ਇਸ ਲਈ ਐਤਵਾਰ ਅਤੇ ਸਰਕਾਰੀ ਛੁੱਟੀਆਂ ‘ਤੇ ਵੀ ਕਾਰਡ ਬਣਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਕਾਰਡ ਸਾਂਝ ਸੇਵਾ ਕੇਂਦਰਾਂ, ਸਰਕਾਰੀ ਹਸਪਤਾਲਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿੱਚ ਬਿਲਕੁਲ ਮੁਫ਼ਤ ਬਣਾਏ ਜਾ ਰਹੇ ਹਨ। ਲੋਕਾਂ ਨੂੰ ਆਪਣਾ ਆਧਾਰ ਕਾਰਡ, ਵੋਟਰ ਕਾਰਡ ਅਤੇ ਬੱਚਿਆਂ ਦਾ ਜਨਮ ਸਰਟੀਫਿਕੇਟ ਨਾਲ ਲੈ ਕੇ ਨਜ਼ਦੀਕੀ ਕੇਂਦਰ ‘ਤੇ ਜਾਣ ਦੀ ਅਪੀਲ ਕੀਤੀ ਗਈ ਹੈ।
ਬੀ.ਈ.ਈ. ਰਤਿਕਾ ਓਬਰਾਏ ਨੇ ਦੱਸਿਆ ਕਿ ਇਸ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਿਲ, ਕੈਂਸਰ ਅਤੇ ਗੁਰਦੇ ਵਰਗੀਆਂ ਗੰਭੀਰ ਬਿਮਾਰੀਆਂ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਿਹਤ ਵਿਭਾਗ ਅਨੁਸਾਰ ਹੁਣ ਤੱਕ ਸੂਬੇ ਭਰ ਵਿੱਚ ਡੇਢ ਲੱਖ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਯੋਜਨਾ ਬਾਰੇ ਹੋਰ ਜਾਣਕਾਰੀ ਲਈ 104 ਹੈਲਪਲਾਈਨ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸਿਹਤ ਟੀਮ ਦੇ ਮੈਂਬਰਾਂ ਸਮੇਤ ਆਸ਼ਾ ਵਰਕਰ ਵੀ ਮੌਜੂਦ ਰਹੇ, ਜੋ ਲੋਕਾਂ ਨੂੰ ਯੋਜਨਾ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH