
ਬਠਿੰਡਾ, 12 ਅਪ੍ਰੈਲ (ਹਿੰ.ਸ.)। ਵਿਸਾਖੀ ਮੇਲੇ ਨੂੰ ਧਿਆਨ ’ਚ ਰੱਖਦਿਆਂ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਵੱਲੋਂ ਤਲਵੰਡੀ ਸਾਬੋ ਵਿਖੇ ਮੇਲੇ ਦੌਰਾਨ ਲੱਗਣ ਵਾਲੀਆਂ ਸਿਹਤ ਸਹੂਲਤਾਂ ਅਤੇ ਸਿਹਤ ਜਾਗਰੂਕਤਾ ਪ੍ਰਦਰਸ਼ਨੀ ਸਾਈਟ ਦਾ ਵਿਸਤ੍ਰਿਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐਨਕਾਂ ਦੇ ਲੰਗਰ, ਖੂਨ ਦਾਨ ਕੈਂਪ ਅਤੇ ਮੈਡੀਕਲ ਪੋਸਟਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਸਿਵਲ ਸਰਜਨ ਨੇ ਦੱਸਿਆ ਕਿ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਐਨਕਾਂ ਦੇ ਲੰਗਰ ਵਿੱਚ ਅੱਖਾਂ ਦੀ ਜਾਂਚ ਕਰਕੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਦਕਿ ਖੂਨ ਦਾਨ ਕੈਂਪ ਵਿੱਚ ਸਵੈਛਿਕ ਰਕਤਦਾਤਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।ਉਨ੍ਹਾਂ ਨੇ ਮੈਡੀਕਲ ਪੋਸਟਾਂ ਦਾ ਨਿਰੀਖਣ ਕਰਦਿਆਂ ਯਕੀਨੀ ਬਣਾਇਆ ਕਿ ਐਮਰਜੈਂਸੀ ਹਾਲਾਤਾਂ ਨਾਲ ਨਿਪਟਣ ਲਈ ਪੂਰਾ ਸਟਾਫ਼, ਦਵਾਈਆਂ ਅਤੇ ਐਂਬੂਲੈਂਸ ਸਹੂਲਤ ਮੌਜੂਦ ਰਹੇ। ਸਿਵਲ ਸਰਜਨ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਦੇਖਦਿਆਂ ਲੋਕਾਂ ਨੂੰ ਸਾਫ਼ ਪਾਣੀ ਪੀਣ, ਭੀੜ ਵਾਲੀਆਂ ਥਾਵਾਂ ‘ਤੇ ਸਾਵਧਾਨੀ ਵਰਤਣ ਅਤੇ ਕਿਸੇ ਵੀ ਤਕਲੀਫ਼ ਦੀ ਸਥਿਤੀ ਵਿੱਚ ਤੁਰੰਤ ਮੈਡੀਕਲ ਸਹਾਇਤਾ ਲੈਣ ਲਈ ਜਾਗਰੂਕ ਕੀਤਾ ਜਾਵੇ।
ਸਿਵਲ ਸਰਜਨ ਵੱਲੋਂ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਕਿ ਮੇਲੇ ਦੌਰਾਨ ਸਿਹਤ ਸੇਵਾਵਾਂ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਾ ਆਉਣ ਦਿੱਤੀ ਜਾਵੇ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਸੁਚੱਜੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਡੀ.ਐਮ.ਸੀ ਡਾ. ਸੋਨੀਆ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ. ਰਵੀਕਾਂਤ, ਸੀਨੀਅਰ ਮੈਡੀਕਲ ਅਫ਼ਸਰ ਰਾਮਾਂ ਡਾ. ਸਤਪਾਲ, ਡਾ. ਜਗਰੂਪ, ਡਾ. ਅਮਨਪ੍ਰੀਤ ਸਿੰਘ ਸੇਠੀ, ਡਿਪਟੀ ਮਾਸ ਮੀਡੀਆ ਅਫ਼ਸਰ ਕੇਵਲ ਸਿੰਘ ਅਤੇ ਰੋਹਿਤ ਜਿੰਦਲ, ਬੀਈਈ ਗਗਨਦੀਪ ਸਿੰਘ ਭੁੱਲਰ ਅਤੇ ਗੁਰਸਿਮਰਤ ਕੌਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ