
ਮੋਹਾਲੀ, 12 ਅਪ੍ਰੈਲ (ਹਿੰ.ਸ.)| ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਧੁਨਿਕ ਫਲ ਅਤੇ ਸਬਜੀ ਮੰਡੀ, ਸੈਕਟਰ - 65 ਏ, ਮੋਹਾਲੀ ਵਿਖੇ ਸ਼ਨੀਵਾਰ ਰਾਤ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ, ਜਦਕਿ ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇੰਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਵੱਲੋਂ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ।
ਸਮਾਗਮ ਦੀ ਸ਼ੁਰੂਆਤ ਰਵਾਇਤੀ ਲੋਕ ਨਾਚਾਂ ਅਤੇ ਗੀਤਾਂ ਨਾਲ ਹੋਈ, ਜਿਸ ਨੇ ਪੂਰੇ ਮਾਹੌਲ ਨੂੰ ਪੰਜਾਬੀ ਸੱਭਿਆਚਾਰ ਵਿੱਚ ਰੰਗ ਦਿੱਤਾ। ਸਮਾਗਮ ਦੌਰਾਨ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਪੰਜਾਬ ਵਿੱਚ ਕਣਕ ਦੀ ਕਟਾਈ ਦੇ ਸੀਜ਼ਨ ਦੀ ਸ਼ੁਰੂਆਤ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਸਾਡੇ ਪੰਜਾਬੀ ਵਿਰਸੇ ਵਿੱਚ ਕਿਸਾਨ ਭਰਾ ਬੜੀ ਧੂਮਧਾਮ ਨਾਲ ਆਪਣੀ ਫਸਲ ਦੀ ਕਟਾਈ ਸ਼ੁਰੂ ਕਰਨ ਤੋਂ ਪਹਿਲਾਂ ਇਸ ਨੂੰ ਮੇਲੇ ਵਾਂਗ ਮਨਾਉਂਦੇ ਆਏ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਇਹ ਦਿਨ ਸਾਡੇ ਲਈ ਸਿਰਫ਼ ਖੁਸ਼ੀ ਦਾ ਨਹੀਂ, ਸਗੋਂ ਗੌਰਵ ਅਤੇ ਪ੍ਰੇਰਣਾ ਦਾ ਵੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਪੂਰੀ ਦੁਨੀਆ ਵਿੱਚ ਪ੍ਰਸਿੱਧ ਹੈ। ਪੰਜਾਬ ਦੇ ਸੰਗੀਤ, ਢੋਲ ਦੀ ਥਾਪ ਅਤੇ ਭੰਗੜੇ ਨੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ।
ਬਰਸਟ ਨੇ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਜਿੰਮੇਵਾਰੀਆਂ ਨੂੰ ਸਮਝਣ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੁਨੇਹਾ ਦਿੱਤਾ, ਤਾਂ ਜੋ ਮੰਡੀ ਬੋਰਡ ਤਰੱਕੀ ਦੀ ਰਾਹ ਤੇ ਹੋਰ ਅੱਗੇ ਵੱਧ ਸਕੇ। ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇੰਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ., ਪ੍ਰਭਲੀਨ ਸਿੰਘ ਚੀਮਾ ਡੀ.ਐਮ.ਓ., ਸੁਰਮੁੱਖ ਸਿੰਘ ਅਮਲਾ ਅਫ਼ਸਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਹਰਚੰਦ ਸਿੰਘ ਬਰਸਟ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਇਸ ਦੌਰਾਨ ਮੰਡੀ ਬੋਰਡ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH