

ਬਠਿੰਡਾ, 12 ਅਪ੍ਰੈਲ (ਹਿੰ.ਸ.)| ਬਠਿੰਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਗਨੇਸ਼ਾ ਬਸਤੀ ਮੇਨ ਰੋਡ ‘ਤੇ ਇੱਕ ਨੌਜਵਾਨ ਦੀ ਸੰਦੇਹਜਨਕ ਹਾਲਾਤਾਂ ‘ਚ ਮੌਤ ਹੋ ਗਈ। ਪ੍ਰਾਰੰਭਿਕ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਬਾਂਹ ‘ਤੇ ਸਰਿੰਜ ਲੱਗੀ ਹੋਈ ਮਿਲੀ, ਜਿਸ ਕਾਰਨ ਚਿੱਟੇ ਦੇ ਟੀਕੇ ਨਾਲ ਮੌਤ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਘਟਨਾ ਦਾ ਪਤਾ ਲੱਗਣ ‘ਤੇ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸਥਾਨਕ ਲੋਕਾਂ ਵੱਲੋਂ ਤੁਰੰਤ ਨੌਜਵਾਨ ਵੈਲਫੇਅਰ ਸੋਸਾਇਟੀ ਨੂੰ ਸੂਚਿਤ ਕੀਤਾ ਗਿਆ। ਸੋਸਾਇਟੀ ਦੇ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਮ੍ਰਿਤਕ ਦੇ ਸ਼ਰੀਰ ਨੂੰ ਸੁਰੱਖਿਅਤ ਢੰਗ ਨਾਲ ਉਠਾ ਕੇ ਸਰਕਾਰੀ ਹਸਪਤਾਲ ਬਠਿੰਡਾ ਦੇ ਮੁਰਦਾ ਘਰ ਵਿੱਚ ਰੱਖਵਾਇਆ।
ਹਾਲੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ, ਜਿਸ ਕਾਰਨ ਪੁਲਿਸ ਲਈ ਮਾਮਲਾ ਹੋਰ ਵੀ ਪੇਚੀਦਾ ਬਣ ਗਿਆ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨਜ਼ਦੀਕੀ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮ੍ਰਿਤਕ ਦੀ ਪਛਾਣ ਕੀਤੀ ਜਾ ਸਕੇ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾਵੇਗਾ, ਜਿਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ।
ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਵਸਨੀਕਾਂ ਨੇ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ 'ਚ ਚੱਲ ਰਹੇ ਨਸ਼ੇ ਦੇ ਗੋਰਖਧੰਦੇ ਨੂੰ ਤੁਰੰਤ ਬੰਦ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH