ਲੋਕਤੰਤਰ ਦੀ ਅਸਲ ਤਾਕਤ ਸਾਰੇ ਵਰਗਾਂ ਨੂੰ ਦਿੱਤੀ ਗਈ ਪ੍ਰਤੀਨਿਧਤਾ ਵਿੱਚ
ਡੀ.ਏ.ਵੀ. ਕਾਲਜ ਹੁਸ਼ਿਆਰਪੁਰ ‘ਚ ਡਾ. ਅੰਬੇਡਕਰ ਜੈਯੰਤੀ ‘ਤੇ ਸਮਾਗਮ ਦਾ ਆਯੋਜਨ
ਸਮਾਗਮ ਦੌਰਾਨ ਐਡਵੋਕੇਟ ਜਨਰਲ ਪੰਜਾਬ ਮਨਿੰਦਰਜੀਤ ਸਿੰਘ ਬੇਦੀ


ਹੁਸ਼ਿਆਰਪੁਰ, 13 ਅਪ੍ਰੈਲ (ਹਿੰ.ਸ.)। ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੈਯੰਤੀ ਸਬੰਧੀ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਚ ਸਹਾਇਕ ਐਡਵੋਕੇਟ ਜਨਰਲ ਪੰਜਾਬ ਰਾਹੁਲ ਕੁਮਾਰ ਆਦਿਆ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਰੌਸ਼ਨ ਕਰਕੇ ਕੀਤੀ ਗਈ ਅਤੇ ਇਸ ਦੌਰਾਨ ਗਿਆਨ, ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਫੈਲਾਉਣ ਦੀ ਪ੍ਰਣ ਲਿਆ ਗਿਆ।

ਪ੍ਰੋਗਰਾਮ ਵਿੱਚ ਬੁਲਾਰਿਆਂ ਨੇ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਯਾਦ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਸਾਰੇ ਵਰਗਾਂ ਨੂੰ ਦਿੱਤੀ ਗਈ ਪ੍ਰਤੀਨਿਧਤਾ ਵਿੱਚ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਅਧਿਕਾਰਾਂ ਦੀ ਇੱਕ ਉਦਾਹਰਣ ਹੈ, ਜਿਸ ਤੋਂ ਹਰ ਵਿਅਕਤੀ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਮੌਕੇ ਮੁੱਖ ਮਹਿਮਾਨ ਐਡਵੋਕੇਟ ਜਨਰਲ ਪੰਜਾਬ ਮਨਿੰਦਰਜੀਤ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ਵਿੱਚ ਅਨੁਸੂਚਿਤ ਜਾਤੀਆਂ ਨੂੰ ਪ੍ਰਤੀਨਿਧਤਾ ਦੇਣਾ ਇੱਕ ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਸਿਰਫ ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਵਿਖੇ ਹੀ ਇਹ ਰਿਜ਼ਰਵੇਸ਼ਨ ਲਾਗੂ ਹੋਇਆ ਹੈ। ਇਸ ਨਾਲ ਵਾਂਝੇ ਵਰਗਾ ਨੂੰ ਨਿਆਂ ਪ੍ਰਣਾਲੀ ਵਿੱਚ ਹਿੱਸਾ ਲੈਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਅਧਿਕਾਰ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੱਚਾ ਲੋਕਤੰਤਰ ਉਦੋਂ ਤੱਕ ਅਸੰਭਵ ਹੈ ਜਦੋਂ ਤੱਕ ਹਰ ਸਮੂਹ ਨੂੰ ਬਰਾਬਰ ਮੌਕੇ ਨਾ ਮਿਲਣ। ਇਸ ਤੋਂ ਪਹਿਲਾਂ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਪੰਜਾਬ ਪੁਲਿਸ ਦੀ ਇੱਕ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਅੰਬੇਡਕਰ ਨੇ ਆਪਣਾ ਜੀਵਨ ਸਮਾਜ ਦੇ ਹਰ ਵਰਗ ਨੂੰ ਬਰਾਬਰ ਅਧਿਕਾਰ ਪ੍ਰਦਾਨ ਕਰਨ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਵਿਚਾਰਾਂ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਅਨੁਸੂਚਿਤ ਜਾਤੀਆਂ ਨੂੰ ਮਜ਼ਬੂਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਬਾਬਾ ਸਾਹਿਬ ਦੇ ਵਿਚਾਰ ਅੱਜ ਵੀ ਉਨ੍ਹਾਂ ਹੀ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਪ੍ਰਤੀਨਿਧਤਾ ਦੇਣਾ ਸਮਾਜਿਕ ਨਿਆਂ ਵੱਲ ਇੱਕ ਵੱਡਾ ਕਦਮ ਹੈ ਅਤੇ ਇਸ ਨਾਲ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਹੋਵੇਗੀ। ਇਸ ਮੌਕੇ ਵਾਲਮੀਕਿ ਭਾਈਚਾਰੇ ਨੇ ਚੇਅਰਮੈਨ ਚੰਦਨ ਗਰੇਵਾਲ ਨੂੰ ਚਾਂਦੀ ਦਾ ਮੁਕਟ ਦੇ ਕੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਦਲਿਤ ਵਿਕਾਸ ਬੋਰਡ ਮੈਂਬਰ ਦਿਲੀਪ ਹੰਸ, ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ, ਡਿਪਟੀ ਐਡਵੋਕੇਟ ਜਨਰਲ ਮਨੀਪਾਲ ਅਟਵਾਲ, ਦਰਸ਼ਨ ਰਤਨ ਰਾਵਣ, ਸੰਤ ਅਸ਼ੋਕ ਲੰਕੇਸ਼, ਰਵਿੰਦਰ ਹੰਸ ਅਤੇ ਹੋਰ ਪਤਵੰਤਿਆਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਬਾਬਾ ਸਾਹਿਬ ਦੇ ਆਦਰਸ਼ਾਂ ਦੀ ਪਾਲਣਾ ਕਰਨ ਅਤੇ ਸਮਾਜ ਵਿੱਚ ਸਮਾਨਤਾ ਅਤੇ ਨਿਆਂ ਸਥਾਪਤ ਕਰਨ ਦਾ ਪ੍ਰਣ ਲਿਆ।

ਇਸ ਮੌਕੇ ਬੈਕਫਿੰਕੋ ਪੰਜਾਬ ਦੇ ਚੇਅਰਮੈਨ ਸੰਦੀਪ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਪਤਨੀ ਜਸਵੀਰ ਕੌਰ, ਸ਼ੀਤਲ ਆਦਿਵੰਸੀ, ਐਡਵੋਕੇਟ ਰਿੰਕੀ ਗੁਪਤਾ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande