
ਚੰਡੀਗੜ੍ਹ, 13 ਅਪ੍ਰੈਲ (ਹਿੰ.ਸ.)।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਅੱਜ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲਾਕੁਨ ਕਦਮ ਤਹਿਤ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਹੈ, ਜਿਸ ਨਾਲ ਬੇਅਦਬੀ ਨਾਲ ਨਜਿੱਠਣ ਲਈ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇਕ ਬਣਾਇਆ ਗਿਆ ਹੈ।
ਇਸ ਕਾਨੂੰਨ ਨੂੰ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਵਿੱਚ ਇਤਿਹਾਸਕ ਸੁਧਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਨਵਾਂ ਕਾਨੂੰਨ ਪਿਛਲੀਆਂ ਸਰਕਾਰਾਂ ਦੀਆਂ ਕਮੀਆਂ ਨੂੰ ਦੂਰ ਕਰਨ ਦੇ ਨਾਲ-ਨਾਲ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਂਦਾ ਹੈ, ਅਪਰਾਧਾਂ ਨੂੰ ਗੈਰ-ਜ਼ਮਾਨਤੀ ਬਣਾਉਂਦਾ ਹੈ ਅਤੇ ਪੰਜ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਸਖ਼ਤ ਸਜ਼ਾਵਾਂ ਦੇ ਨਾਲ-ਨਾਲ 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕਰਦਾ ਹੈ, ਜਦੋਂ ਕਿ ਬੇਅਦਬੀ ਵਿੱਚ ਸਹਾਇਤਾ ਕਰਨ ਵਾਲਿਆਂ ਨੂੰ ਵੀ ਬਰਾਬਰ ਜਵਾਬਦੇਹ ਬਣਾਉਂਦਾ ਹੈ।
ਪ੍ਰਕਿਰਿਆਤਮਕ ਪਹਿਲੂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਉਂਕਿ ਕਿ ਇਹ ਬਿੱਲ ਇੱਕ ਸਟੇਟ ਬਿੱਲ ਹੈ, ਇਸ ਲਈ ਇਸ ਵਾਸਤੇ ਰਾਸ਼ਟਰਪਤੀ ਦੀ ਸਹਿਮਤੀ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਰਾਜ ਵਿਧਾਨ ਸਭਾ ਦੁਆਰਾ ਪਾਸ ਹੋਣ ਤੋਂ ਬਾਅਦ ਬਿੱਲ ਨੂੰ ਸੂਬੇ ਦੇ ਰਾਜਪਾਲ ਕੋਲ ਭੇਜਿਆ ਜਾਵੇਗਾ। ਜੇਕਰ ਰਾਜਪਾਲ ਜੀ ਨੂੰ ਸਮਾਂ ਲੱਗਦਾ ਹੈ ਤਾਂ ਉਹ ਖੁਦ ਉਨ੍ਹਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਤੁਰੰਤ ਬਿੱਲ ਨੂੰ ਮਨਜ਼ੂਰੀ ਦੇਣ ਲਈ ਅਪੀਲ ਕਰਨਗੇ।
ਬਿਲ ਦੇ
ਉਪਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਕਰਕੇ ਹੁਣ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਬਣਾਇਆ ਗਿਆ ਹੈ ਤਾਂ ਜੋ ਫਿਰਕੂ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀਆਂ ਤੰਦਾਂ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਬੇਅਦਬੀ ਦੀਆਂ ਨਾਪਾਕ ਕੋਸ਼ਿਸ਼ਾਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ। ਇਹ ਦੇਖਿਆ ਗਿਆ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋਸ਼ੀ ਮਾਨਸਿਕ ਤੌਰ 'ਤੇ ਪਰੇਸ਼ਾਨ ਹੋਣ ਦਾ ਦਿਖਾਵਾ ਕਰਦਾ ਹੈ ਪਰ ਇਸ ਐਕਟ ਵਿੱਚ ਕਿਹਾ ਗਿਆ ਹੈ ਕਿ ਮਾਨਸਿਕ ਤੌਰ 'ਤੇ ਪਰੇਸ਼ਾਨ ਹੋਣ ਦਾ ਦਿਖਾਵਾ ਕਰਨ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ 'ਤੇ ਵੀ ਇਸ ਗੈਰ-ਮੁਆਫੀਯੋਗ ਅਪਰਾਧ ਲਈ ਮੁਕੱਦਮਾ ਚਲਾਇਆ ਜਾਵੇਗਾ। ਇਸ ਵਿੱਚ 'ਕਸਟੋਡੀਅਨ' ਦੀ ਪਰਿਭਾਸ਼ਾ ਦਿੱਤੀ ਗਈ ਹੈ, ਜਿਸ ਅਨੁਸਾਰ ਹਰੇਕ ਕਸਟੋਡੀਅਨ ਨੂੰ ਸੁਰੱਖਿਅਤ ਕਸਟਡੀ, ਸੁਰੱਖਿਆ ਲਈ ਅਤੇ ਦੁਰਵਰਤੋਂ ਜਾਂ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਉਨ੍ਹਾਂ ਕਿਹਾ, ਬੇਅਦਬੀ ਦੇ ਮਾਮਲਿਆਂ ਦੀ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਜਾਂਚ ਯਕੀਨੀ ਬਣਾਉਣ ਲਈ ਵਿਵਸਥਾ ਕੀਤੀ ਗਈ ਹੈ (ਧਾਰਾ 4ਏ) ਅਤੇ ਇਸ ਕਾਨੂੰਨ ਅਧੀਨ ਅਪਰਾਧ ਗੈਰ-ਜ਼ਮਾਨਤੀ ਹੋਵੇਗਾ ਅਤੇ ਇਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ (ਧਾਰਾ 4ਬੀ)। ਐਕਟ ਮੁਤਾਬਕ ਸਜ਼ਾਵਾਂ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਤਹਿਤ 20 ਲੱਖ ਰੁਪਏ ਤੱਕ ਜੁਰਮਾਨਾ ਅਤੇ ਉਮਰ ਕੈਦ ਤੱਕ ਦੀ ਸਜਾ ਸ਼ਾਮਲ ਹੈ (ਧਾਰਾ 5)। ਅਪਰਾਧਾਂ ਨੂੰ ਪੰਜ ਕਿਸਮਾਂ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ ਕਿਉਂਕਿ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ 'ਤੇ 5 ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ 'ਤੇ 7 ਤੋਂ 20 ਸਾਲ ਦੀ ਕੈਦ ਅਤੇ 2 ਤੋਂ 10 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ