
ਫਾਜ਼ਿਲਕਾ, 14 ਅਪ੍ਰੈਲ (ਹਿੰ.ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੀ ਦਾਣਾ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਣਕ ਦੀ ਖਰੀਦ ਦੀ ਸ਼ੁਰੂਆਤ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਅਤੇ ਕਿਸਾਨਾਂ ਨੂੰ ਖਰੀਦ ਸੀਜਨ ਦੀ ਵਧਾਈ ਵੀ ਦਿੱਤੀ। ਇਸ ਮੌਕੇ ਤੇ ਉਨ੍ਹਾਂ ਖਰੀਦ ਏਜੰਸੀਆਂ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਣਕ ਦੀ ਖ਼ਰੀਦ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਉਨ੍ਹਾਂ ਨਾਲ ਮੌਜੂਦ ਸੀ।
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਣਕ ਦੀ ਖ਼ਰੀਦ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹਨ ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਵੇਗੀ ।ਉਨ੍ਹਾਂ ਕਿਹਾ ਕਿ ਮੰਡੀ ਵਿਚ ਲੋੜੀਂਦੇ ਬਾਰਦਾਨੇ ਤੇ ਲਿਫਟਿੰਗ ਦੇ ਪ੍ਰਬੰਧ ਪੂਰੇ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੰਡੀ ਵਿਚ ਕਿਸਾਨਾਂ ਲਈ ਪੀਣ ਦੇ ਪਾਣੀ, ਰੌਸ਼ਨੀ, ਛਾਂ ਆਦਿ ਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਤੁਰੰਤ ਖਰੀਦ ਹੋਵੇ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਰਕਾਰੀ ਸਮਾਂਹੱਦ ਦੇ ਅੰਦਰ ਅਦਾਇਗੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ