
ਤਲਵੰਡੀ ਸਾਬੋ/ਚੰਡੀਗੜ੍ਹ, 14 ਅਪ੍ਰੈਲ (ਹਿੰ.ਸ.)। ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ, ਉੱਘੇ ਵਕੀਲ ਅਤੇ ਬੀਜੇਪੀ ਦੇ ਸੀਨੀਅਰ ਨੇਤਾ ਐਚ.ਐਸ. ਫੂਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖਾਲਸਾ ਸਿਰਜਣਾ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ 1699 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਿਰਜਣਾ ਨੇ ਨਾ ਸਿਰਫ਼ ਦੇਸ਼ ਨੂੰ ਬਾਹਰੀ ਹਮਲਾਵਰਾਂ ਤੋਂ ਬਚਾਇਆ, ਸਗੋਂ ਸਿੱਖ ਕੌਮ ਨੂੰ ਹੌਂਸਲਾ, ਸ਼ਕਤੀ ਅਤੇ ਆਤਮ-ਗੌਰਵ ਨਾਲ ਭਰਿਆ। ਫੂਲਕਾ ਨੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਅਦਾ ਕਰਦੇ ਹੋਏ ਅਰਦਾਸ ਕੀਤੀ ਕਿ ਪੰਜਾਬ ਨੂੰ ਦੁਬਾਰਾ ਉਸਦੀ ਪੁਰਾਣੀ ਸ਼ਾਨ ਅਤੇ ਉਚਾਈਆਂ ‘ਤੇ ਲਿਆਂਦਾ ਜਾਵੇ। ਫੂਲਕਾ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਨਾਲ ਉਨ੍ਹਾਂ ਦਾ ਵਿਸ਼ੇਸ਼ ਆਧਿਆਤਮਿਕ ਅਤੇ ਨਿੱਜੀ ਨਾਤਾ ਹੈ ਅਤੇ ਉਹ ਆਪਣੀ ਰਾਜਨੀਤਿਕ ਜ਼ਿੰਦਗੀ ਦੇ ਨਵੇਂ ਦੌਰ ਦੀ ਪਹਿਲੀ ਪ੍ਰੈਸ ਕਾਨਫਰੰਸ ਇੱਥੇ ਕਰ ਰਹੇ ਹਨ, ਜੋ ਉਨ੍ਹਾਂ ਲਈ ਗੌਰਵ ਦੀ ਗੱਲ ਹੈ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਫੂਲਕਾ ਨੇ ਬੇਅਦਬੀ ਮਾਮਲਿਆਂ ‘ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਕਈ ਕੇਸ ਪੰਜਾਬ ਤੋਂ ਬਾਹਰ ਟ੍ਰਾਂਸਫਰ ਹੋ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਫੈਸਲਿਆਂ ਨੂੰ ਉੱਚ ਅਦਾਲਤ ਜਾਂ ਸੁਪਰੀਮ ਕੋਰਟ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਰਹੀ, ਜਿਸ ਨਾਲ ਸਰਕਾਰ ਦੀ ਨੀਅਤ ‘ਤੇ ਸਵਾਲ ਖੜ੍ਹਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਮਾਮਲਾ ਸਿਰਫ਼ ਸਿੱਖ ਕੌਮ ਹੀ ਨਹੀਂ, ਸਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਫੂਲਕਾ ਨੇ ਆਪਣੇ ਸੰਘਰਸ਼ ਦੀ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਵਿੱਚ ਨਿਆਂ ਲਈ ਆਪਣਾ ਅਹੁਦਾ ਛੱਡ ਕੇ ਵੀ ਲੜਾਈ ਜਾਰੀ ਰੱਖੀ, ਜਿਸ ਦਾ ਨਤੀਜਾ ਸੱਜਣ ਕੁਮਾਰ ਵਰਗੇ ਦੋਸ਼ੀਆਂ ਨੂੰ ਸਜ਼ਾ ਮਿਲਣ ਦੇ ਰੂਪ ਵਿੱਚ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਇਹ ਸਾਰੀ ਕਾਮਯਾਬੀ ਵਾਹਿਗੁਰੂ ਦੀ ਮੇਹਰ ਨਾਲ ਸੰਭਵ ਹੋਈ।
ਉਨ੍ਹਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰਾਂ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਨੂੰ ਉੱਚੇ ਅਹੁਦਿਆਂ ‘ਤੇ ਬਿਠਾਇਆ ਅਤੇ 1984 ਦਾ ਕਤਲੇਆਮ “ਕਾਂਗਰਸ ਵਿਰੁੱਧ ਸਿੱਖ” ਸੀ, ਨਾ ਕਿ ਕਿਸੇ ਧਰਮ ਵਿਰੁੱਧ।
ਪੰਜਾਬ ਦੀ ਮੌਜੂਦਾ ਹਾਲਤ ‘ਤੇ ਚਿੰਤਾ :
ਫੂਲਕਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਚਿੰਤਾਜਨਕ ਹੈ, ਖਾਸ ਕਰਕੇ ਪਾਣੀ ਦੀ ਘਟਤੀ ਅਤੇ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਾਲਾਂ ਵਿੱਚ ਪਾਣੀ ਦੀ ਕਮੀ ਗੰਭੀਰ ਰੂਪ ਧਾਰ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਦੁਬਾਰਾ ਰਾਜਨੀਤੀ ਵਿੱਚ ਇਸ ਲਈ ਆਏ ਹਨ ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲਿਆਂਦਾ ਜਾ ਸਕੇ ਅਤੇ ਇਸ ਲਈ ਉਹ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ