ਪਿਛਲੀਆਂ ਸਰਕਾਰਾਂ ਨੇ ਗਰੀਬਾਂ ਨੂੰ ਸਿੱਖਿਆ ਤੋਂ ਵਾਂਝਾ ਰੱਖਿਆ, ਫੰਡਾਂ ਦੀ ਕੀਤੀ ਗਲਤ ਵਰਤੋਂ :ਭਗਵੰਤ ਮਾਨ 
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀ ਦਲ ਤੇ ਕਾਂਗਰਸ ‘ਤੇ ਤਿੱਖਾ ਹਮਲਾ, ਦਹਾਕਿਆਂ ਦੇ ਕੁਸ਼ਾਸਨ ਦੇ ਲਗਾਏ ਦੋਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਚੰਡੀਗੜ੍ਹ, 14 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਰਵਾਇਤੀ ਪਾਰਟੀਆਂ ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਦਹਾਕਿਆਂ ਦੇ ਕੁਸ਼ਾਸਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਆਪਣੇ ਰਾਜਨੀਤਿਕ ਫਾਇਦੇ ਲਈ ਕਮਜ਼ੋਰ ਵਰਗਾਂ ਨੂੰ ਜਾਣਬੁੱਝ ਕੇ ਸਿੱਖਿਆ ਤੋਂ ਦੂਰ ਰੱਖਿਆ।

ਭਾਰਤ ਰਤਨ ਬੀ. ਆਰ. ਅੰਬੇਡਕਰ ਦੀ ਜਯੰਤੀ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਹ ਸੋਚਿਆ-ਸਮਝਿਆ ਨੀਤੀ ਸੀ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਿਆ ਜਾਵੇ, ਜਿਸ ਨਾਲ ਦਲਿਤ ਨੌਜਵਾਨਾਂ ਦੀਆਂ ਪੀੜ੍ਹੀਆਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਕਾਲਰਸ਼ਿਪ ਲਈ ਰੱਖੇ ਗਏ ਫੰਡਾਂ ਨੂੰ ਵੀ ਹੜੱਪਿਆ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਤੋਂ ਵੱਖਰੀ ਸੋਚ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਅਤੇ ਔਰਤਾਂ ਦੇ ਵਿੱਤੀ ਸਸ਼ਕਤੀਕਰਨ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਹੀ ਉਹ ਸਾਧਨ ਹੈ ਜੋ ਗਰੀਬੀ ਅਤੇ ਸਮਾਜਿਕ ਅਸਮਾਨਤਾ ਨੂੰ ਖਤਮ ਕਰ ਸਕਦੀ ਹੈ।

ਅਕਾਲੀ ਦਲ ਦੀ ਪਿਛਲੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕੁਝ ਨੀਤੀਆਂ ਨੇ ਸਿੱਖਿਆ ਪ੍ਰਣਾਲੀ ਨੂੰ ਕਮਜ਼ੋਰ ਕੀਤਾ ਅਤੇ ਵਿਦਿਆਰਥੀਆਂ ਦੇ ਭਵਿੱਖ ‘ਤੇ ਅਸਰ ਪਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਨੌਜਵਾਨਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਛੋਟੀਆਂ ਰਾਹਤ ਸਕੀਮਾਂ ਤੱਕ ਹੀ ਸੀਮਿਤ ਰੱਖਿਆ। ਕਾਂਗਰਸ ‘ਤੇ ਵੀ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਅੰਦਰੂਨੀ ਖਿੱਚਤਾਣ ਦਾ ਸ਼ਿਕਾਰ ਹੈ ਅਤੇ ਇਸਦੇ ਕੋਲ ਪੰਜਾਬ ਲਈ ਕੋਈ ਸਪਸ਼ਟ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਏਜੰਡਾ ਲੋਕਾਂ ਦੀ ਭਲਾਈ ਦੀ ਬਜਾਏ ਆਪਣੇ ਪਰਿਵਾਰਕ ਹਿੱਤਾਂ ਤੱਕ ਸੀਮਿਤ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਉਨ੍ਹਾਂ ਦੀ ਅਯੋਗਤਾ ਅਤੇ ਭ੍ਰਿਸ਼ਟਾਚਾਰ ਕਾਰਨ ਨਕਾਰ ਦਿੱਤਾ ਹੈ ਅਤੇ ਮੌਜੂਦਾ ਸਰਕਾਰ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਲੋਕ ਭਲਾਈ ਲਈ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰੀ ਧਨ ਦੀ ਸਹੀ ਵਰਤੋਂ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਲਗਾਤਾਰ ਕੰਮ ਕਰ ਰਹੀ ਹੈ, ਤਾਂ ਜੋ ਪੰਜਾਬ ਨੂੰ ਤਰੱਕੀ ਅਤੇ ਸਮਾਨਤਾ ਦੇ ਰਾਹ ‘ਤੇ ਲਿਆਂਦਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਸਮਾਜਿਕ ਨਿਆਂ ਵਾਲੀਆਂ ਨੀਤੀਆਂ ਦਾ ਸਮਰਥਨ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande