ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ
ਤਰਨ ਤਾਰਨ, 14 ਅਪ੍ਰੈਲ (ਹਿੰ.ਸ.)। ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਪੰਜਾਬ ਡਾ. ਗੁਰਨਾਮ ਸਿੰਘ ਵੱਲੋਂ ਆਪਣੀ ਟੀਮ ਡਾ. ਗਿਰਜੇਸ਼ ਭਾਰਗਵ ਮੁੱਖ ਖਾਦ ਇੰਸਪੈਕਟਰ, ਹਰਪ੍ਰੀਤ ਸਿੰਘ ਏ.ਡੀ.ਓ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਖੇਤੀ ਅਧਿਕਾਰੀਆਂ ਸਹਿਤ ਜ਼ਿਲ੍ਹਾ ਤਰਨ ਤਾਰਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ
ਚੈਕਿੰਗ ਕਰਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ।


ਤਰਨ ਤਾਰਨ, 14 ਅਪ੍ਰੈਲ (ਹਿੰ.ਸ.)। ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਪੰਜਾਬ ਡਾ. ਗੁਰਨਾਮ ਸਿੰਘ ਵੱਲੋਂ ਆਪਣੀ ਟੀਮ ਡਾ. ਗਿਰਜੇਸ਼ ਭਾਰਗਵ ਮੁੱਖ ਖਾਦ ਇੰਸਪੈਕਟਰ, ਹਰਪ੍ਰੀਤ ਸਿੰਘ ਏ.ਡੀ.ਓ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਖੇਤੀ ਅਧਿਕਾਰੀਆਂ ਸਹਿਤ ਜ਼ਿਲ੍ਹਾ ਤਰਨ ਤਾਰਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਤਰਨ ਤਾਰਨ ਦੇ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਵਿਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ ।

ਡਾ. ਗੁਰਨਾਮ ਸਿੰਘ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਵਿਚ ਲਗਾਤਾਰ ਯੂਰੀਆ ਖਾਦ ਦੀ ਵਰਤੋਂ ਵੱਧ ਰਹੀ ਹੈ ਅਤੇ ਅਤੇ ਵੇਖਣ ਵਿਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਫੀਡ ਅਤੇ ਪਲਾਈਵੁੱਡ ਇੰਡਸਟਰੀ ਵਿਚ ਸੰਭਵ ਹੈ, ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇੰਡਸਟਰੀਆਂ ਵਿਚ ਯੂਰੀਆ ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ਵਿਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਅੱਜ ਚੈਕਿੰਗ ਕੀਤੀ ਗਈ ਹੈ।

ਉਨ੍ਹਾਂ ਨੇ ਆਪਣੀ ਟੀਮ ਸਹਿਤ ਝਬਾਲ ਸਥਿਤ ਪਲਾਈਵੁੱਡ ਇੰਡਸਟਰੀ ਅਤੇ ਬਲਾਕ ਭਿੱਖੀਵਿੰਡ ਦੇ ਸਮੂਹ ਖ਼ਾਦ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਅਤੇ ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਤੇਜ਼ਬੀਰ ਸਿੰਘ ਭੰਗੂ ਨੇ ਬਲਾਕ ਪੱਟੀ ਦੇ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀਆਂ ਦੀ ਚੈਕਿੰਗ ਕੀਤੀ। ਉਨ੍ਹਾਂ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐਸ ਮਸ਼ੀਨਾਂ ਵਿਚੋਂ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਫੀਡ ਅਤੇ ਪਲਾਈਵੁੱਡ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਸੰਯੁਕਤ ਡਾਇਰੈਕਟਰ ਡਾ. ਗੁਰਨਾਮ ਸਿੰਘ ਵੱਲੋਂ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ 'ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਸੀਜ਼ ਕੀਤਾ ਜਾਵੇ।

ਮੁੱਖ ਖੇਤੀਬਾੜੀ ਅਫਸਰ, ਤਰਨਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਇਸ ਮੌਕੇ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਤਰਨ ਤਾਰਨ ਵਿਚ ਖ਼ਾਦ ਦੀ ਫਾਲਤੂ ਵਿਕਰੀ ਅਤੇ ਇੰਡਸਟਰੀ ਵਿਚ ਕੀਤੀ ਜਾ ਰਹੀ ਗੈਰ ਕਾਨੂੰਨੀ ਵਰਤੋਂ ਨੂੰ ਬਿਲਕੁਲ ਰੋਕਿਆ ਜਾਵੇਗਾ ਅਤੇ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande