17 ਅਪ੍ਰੈਲ ਨੂੰ ਅਟਾਰੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਰੱਖਣਗੇ ਨੀਂਹ ਪੱਥਰ
ਅਟਾਰੀ/ਅੰਮ੍ਰਿਤਸਰ, 15 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 17 ਅਪ੍ਰੈਲ 2026 ਨੂੰ ਸਵੇਰੇ 11 ਵਜੇ ਦਾਣਾ ਮੰਡੀ ਅਟਾਰੀ ਵਿਖੇ ਇੱਕ ਰਾਜ ਪੱਧਰੀ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਮੌਕੇ ਉਹ ਇਕ ਵ
ਡੀਸੀ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦਾਣਾ ਮੰਡੀ ਅਟਾਰੀ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ।


ਅਟਾਰੀ/ਅੰਮ੍ਰਿਤਸਰ, 15 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 17 ਅਪ੍ਰੈਲ 2026 ਨੂੰ ਸਵੇਰੇ 11 ਵਜੇ ਦਾਣਾ ਮੰਡੀ ਅਟਾਰੀ ਵਿਖੇ ਇੱਕ ਰਾਜ ਪੱਧਰੀ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਮੌਕੇ ਉਹ ਇਕ ਵਿਸ਼ਾਲ ਜਨ ਰੈਲੀ ਨੂੰ ਵੀ ਸੰਬੋਧਨ ਕਰਨਗੇ।

ਇਸ ਮਹੱਤਵਪੂਰਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਦਾਣਾ ਮੰਡੀ ਅਟਾਰੀ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਸਮਾਗਮ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਮੁੱਖ ਮੰਤਰੀ ਵੱਲੋਂ ਹਲਕਾ ਅਟਾਰੀ ਦੀਆਂ 121 ਪ੍ਰਮੁੱਖ ਲਿੰਕ ਸੜਕਾਂ ਦੇ ਨਵੀਨੀਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ, ਜੋ ਇਲਾਕੇ ਦੀਆਂ ਸੜਕ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਲਈ ਬੈਠਣ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪੂਰੇ ਇੰਤਜ਼ਾਮ ਕੀਤੇ ਜਾਣ। ਇਸ ਤੋਂ ਇਲਾਵਾ ਪੰਡਾਲ ਦੇ ਨੇੜੇ ਪਾਰਕਿੰਗ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਇਹ ਵੀ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਦੀ ਆਮਦ ਨਾਲ ਸੰਬੰਧਿਤ ਹਰ ਡਿਊਟੀ ਨੂੰ ਤਰਜੀਹ ਦੇ ਕੇ ਸਮੇਂ ਸਿਰ ਪੂਰਾ ਕੀਤਾ ਜਾਵੇ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਐੱਸ.ਡੀ.ਐੱਮ. ਅੰਮ੍ਰਿਤਸਰ-2 ਗੁਰਮੰਦਰ ਸਿੰਘ, ਐੱਸ.ਡੀ.ਐੱਮ. ਲੋਪੋਕੇ ਖੁਸ਼ਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande