
ਹੁਸ਼ਿਆਰਪੁਰ, 15 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਦਿਆਂ ਕਣਕ ਦੇ ਖਰੀਦ ਪ੍ਰਬੰਧਾਂ ਦੇ ਨਾਲ-ਨਾਲ ਕਿਸਾਨਾਂ, ਲੇਬਰ ਅਤੇ ਆੜਤੀਆਂ ਲਈ ਯਕੀਨੀ ਬਣਾਈਆਂ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਖਰੀਦ ਬਿਨਾਂ ਕਿਸੇ ਦੇਰੀ ਅਤੇ ਸੁਚੱਜੇ ਢੰਗ ਨਾਲ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਸਮੇਤ ਦਾਣਾ ਮੰਡੀ ਪਹੁੰਚੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੰਡੀ ਵਿਚ ਮੌਜੂਦ ਪਿੰਡ ਮੋਨਾਕਲਾਂ ਦੇ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਫ਼ਸਲ ਲੈ ਕੇ ਆਏ ਹਨ ਜਿਨ੍ਹਾਂ ਨੇ ਮੰਡੀ ਵਿਚ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਨਿਰਧਾਰਤ ਸਮੇਂ ਵਿਚ ਖਰੀਦ ਕਰਨ ਤੋਂ ਇਲਾਵਾ ਤੈਅ ਸਮੇਂ ਵਿਚ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਲਈ ਹਰ ਪੱਖੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਮੁਸ਼ਕਲ ਪੇਸ਼ ਨਾ ਆਵੇ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੀ ਖਰੀਦ ਸਬੰਧੀ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੋਈ ਸਮੱਸਿਆ ਪੇਸ਼ ਨਾ ਆਵੇ ਅਤੇ ਉਨ੍ਹਾਂ ਦੀ ਫ਼ਸਲ ਸੁਖਾਲੇ ਅਤੇ ਸੁਚੱਜੇ ਢੰਗ ਨਾਲ ਖਰੀਦ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਤੋਂ ਇਲਾਵਾ ਸਬੰਧਤ ਅਧਿਕਾਰੀ, ਆੜ੍ਹਤੀ ਅਤੇ ਕਿਸਾਨ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ