
ਡੇਰਾਬਸੀ, 16 ਅਪ੍ਰੈਲ (ਹਿੰ.ਸ.)| ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਡੇਰਾਬੱਸੀ ਵਿੱਚ ਨਗਰ ਕੌਂਸਲ ਦੁਆਰਾ ਤਿਆਰ ਕੀਤੀ ਗਈ ਆਧੁਨਿਕ ਸੁਵਿਧਾਵਾਂ ਨਾਲ ਲੈਸ ਧਰਮਸ਼ਾਲਾ ਦਾ ਸ਼ਾਨਦਾਰ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਪ੍ਰੋਜੈਕਟ ਕਰੀਬ 1 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਇੱਕ ਵਧੀਆ ਸਾਂਝਾ ਸਮਾਗਮ ਰਚਾਉਣ ਵਾਲਾ ਕੇਂਦਰ ਪ੍ਰਾਪਤ ਹੋਇਆ ਹੈ।
ਉਨ੍ਹਾਂ ਕਿਹਾ ਕਿ ਧਰਮਸ਼ਾਲਾ ਦੀ ਉਸਾਰੀ ਨਾਲ ਇਲਾਕੇ ਦੇ ਲੋਕਾਂ ਨੂੰ ਵੱਖ-ਵੱਖ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਸਮਾਗਮ ਕਰਨ ਲਈ ਇੱਕ ਉਚਿਤ ਅਤੇ ਸੁਵਿਧਾਜਨਕ ਥਾਂ ਮਿਲੀ ਹੈ। ਇਸ ਨਾਲ ਨਾ ਸਿਰਫ਼ ਲੋਕਾਂ ਦੇ ਸਮਾਗਮ ਆਸਾਨੀ ਨਾਲ ਹੋਣਗੇ, ਸਗੋਂ ਸਮਾਜਿਕ ਏਕਤਾ ਅਤੇ ਭਾਈਚਾਰੇ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਵਿਧਾਇਕ ਨੇ ਅੱਗੇ ਦੱਸਿਆ ਕਿ ਇਹ ਧਰਮਸ਼ਾਲਾ ਵਿਆਹ ਸਮਾਗਮਾਂ ਲਈ ਮੈਰਿਜ ਪੈਲੇਸ ਵਜੋਂ ਵੀ ਵਰਤੀ ਜਾ ਸਕੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੇ ਖਰਚ ਤੋਂ ਬਚਤ ਹੋਵੇਗੀ ਅਤੇ ਉਹਨਾਂ ਨੂੰ ਨੇੜੇ ਹੀ ਉਚਿਤ ਥਾਂ ਉਪਲਬਧ ਹੋਵੇਗੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ-ਭਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ ਅਤੇ ਡੇਰਾਬੱਸੀ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਇਲਾਕੇ ਦੇ ਵਿਕਾਸ ਲਈ ਹੋਰ ਅਹਿਮ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਇਸ ਮੌਕੇ ਇਲਾਕੇ ਦੇ ਪਤਵੰਤੇ ਵਿਅਕਤੀਆਂ, ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH